ਫ਼ਤਹਿਗੜ੍ਹ ਸਾਹਿਬ, ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਵਧੀਆ ਮੌਕੇ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਇੱਕ ਵਿਸ਼ੇਸ਼ ਪਲੇਸਮੈਂਟ ਕੈਂਪ ਆਯੋਜਿਤ ਕੀਤਾ ਗਿਆ। ਕੈਂਪ ਦੌਰਾਨ ਐਚਡੀਐਫਸੀ ਬੈਂਕ ਅਤੇ ਕੇਅਰ ਲਾਈਫ ਕੰਪਨੀ ਵੱਲੋਂ ਯੋਗ ਉਮੀਦਵਾਰਾਂ ਦੀ ਇੰਟਰਵਿਊ ਪ੍ਰਕਿਰਿਆ ਕੀਤੀ ਗਈ।
ਕੈਂਪ ਵਿੱਚ ਸ਼ਾਮਲ ਹੋਏ ਨੌਜਵਾਨਾਂ ਵਿੱਚੋਂ ਐਚਡੀਐਫਸੀ ਬੈਂਕ ਵੱਲੋਂ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ 4 ਉਮੀਦਵਾਰਾਂ ਦੀ ਅੰਤਿਮ ਚੋਣ ਕੀਤੀ ਗਈ। ਚੁਣੇ ਗਏ ਉਮੀਦਵਾਰਾਂ ਨੂੰ ਬੈਂਕ ਵੱਲੋਂ ਸਾਲਾਨਾ 4.4 ਲੱਖ ਰੁਪਏ ਤੱਕ ਦਾ ਆਕਰਸ਼ਕ ਤਨਖਾਹ ਪੈਕੇਜ ਦਿੱਤਾ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਹਰਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਕੈਂਪ ਵਿੱਚ 12ਵੀਂ ਅਤੇ ਗ੍ਰੈਜੂਏਸ਼ਨ ਪਾਸ 18 ਤੋਂ 28 ਸਾਲ ਉਮਰ ਵਰਗ ਦੇ ਨੌਜਵਾਨਾਂ ਨੇ ਭਾਗ ਲਿਆ। ਉਨ੍ਹਾਂ ਕਿਹਾ ਕਿ ਅਜਿਹੇ ਪਲੇਸਮੈਂਟ ਕੈਂਪ ਨੌਜਵਾਨਾਂ ਨੂੰ ਘਰ ਦੇ ਨੇੜੇ ਹੀ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਨੌਕਰੀ ਦੀ ਭਾਲ ਕਰ ਰਹੇ ਨੌਜਵਾਨਾਂ ਦੇ ਨਾਮ ਵਿਭਾਗੀ ਨਿਯਮਾਂ ਅਨੁਸਾਰ ਰੋਜ਼ਗਾਰ ਪੋਰਟਲ ‘ਤੇ ਵੀ ਰਜਿਸਟਰ ਕੀਤੇ ਗਏ। ਇਸ ਨਾਲ ਭਵਿੱਖ ਵਿੱਚ ਲੱਗਣ ਵਾਲੇ ਰੋਜ਼ਗਾਰ ਕੈਂਪਾਂ ਅਤੇ ਸਰਕਾਰੀ ਤੇ ਨਿੱਜੀ ਖੇਤਰ ਦੀਆਂ ਨਵੀਆਂ ਅਸਾਮੀਆਂ ਸਬੰਧੀ ਜਾਣਕਾਰੀ ਉਨ੍ਹਾਂ ਤੱਕ ਸਮੇਂ ਸਿਰ ਪਹੁੰਚਾਈ ਜਾ ਸਕੇਗੀ।
ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਰੋਜ਼ਗਾਰ ਪੋਰਟਲ ‘ਤੇ ਆਪਣੀ ਰਜਿਸਟ੍ਰੇਸ਼ਨ ਜ਼ਰੂਰ ਕਰਵਾਉਣ ਅਤੇ ਰੋਜ਼ਗਾਰ ਬਿਊਰੋ ਵੱਲੋਂ ਚਲਾਈਆਂ ਜਾ ਰਹੀਆਂ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।












Leave a Reply