ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਬੀ.ਐਲ.ਏ.-1 ਅਤੇ ਬੀ.ਐਲ.ਏ.-2 ਦੀ ਤੁਰੰਤ ਨਿਯੁਕਤੀ ਕਰਨ ਲਈ ਕਿਹਾ
ਲੁਧਿਆਣਾ : ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਵਿੱਚ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ.) ਮੁਹਿੰਮ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਹਿਮਾਂਸ਼ੂ ਜੈਨ ਨੇ ਸ਼ੁੱਕਰਵਾਰ ਨੂੰ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ।
ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਹੋਈ ਇਸ ਮੀਟਿੰਗ ਵਿੱਚ ਆਮ ਆਦਮੀ ਪਾਰਟੀ, ਭਾਜਪਾ, ਕਾਂਗਰਸ, ਬਹੁਜਨ ਸਮਾਜ ਪਾਰਟੀ, ਸ਼੍ਰੋਮਣੀ ਅਕਾਲੀ ਦਲ ਅਤੇ ਸੀ.ਪੀ.ਆਈ. (ਐਮ) ਦੇ ਨੁਮਾਇੰਦਿਆਂ ਨੇ ਹਿੱਸਾ ਲਿਆ।
ਮੀਟਿੰਗ ਦੌਰਾਨ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਵੀਜ਼ਨ ਦਾ ਕੰਮ 15 ਜੂਨ 2026 ਤੋਂ ਸ਼ੁਰੂ ਹੋ ਚੁੱਕਾ ਹੈ। ਉਨ੍ਹਾਂ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਬੀ.ਐਲ.ਏ.-1 ਅਤੇ ਬੀ.ਐਲ.ਏ.-2 ਦੀ ਤੁਰੰਤ ਨਿਯੁਕਤੀ ਕਰਨ ਲਈ ਕਿਹਾ ਤਾਂ ਜੋ ਵੋਟਰ ਸੂਚੀਆਂ ਦੀ ਸੋਧ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਅਮਲ ਵਿੱਚ ਲਿਆਂਦਾ ਜਾ ਸਕੇ।
ਜ਼ਿਲ੍ਹਾ ਚੋਣ ਅਫਸਰ ਨੇ ਜਾਣਕਾਰੀ ਦਿੱਤੀ ਕਿ ਹਲਕਾ ਪੱਧਰ ’ਤੇ ਬੀ.ਐਲ.ਏ. ਦੀਆਂ ਮੀਟਿੰਗਾਂ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਵੱਲੋਂ 20 ਅਤੇ 21 ਜੂਨ 2026 ਨੂੰ ਕਰਵਾਈਆਂ ਜਾਣਗੀਆਂ। ਇਸ ਤੋਂ ਇਲਾਵਾ ਬੀ.ਐਲ.ਓ. ਵੱਲੋਂ ਬੀ.ਐਲ.ਏ.-2 ਨਾਲ 23 ਅਤੇ 24 ਜੂਨ 2026 ਨੂੰ ਪੋਲਿੰਗ ਸਟੇਸ਼ਨਾਂ ਅਤੇ ਹੋਰ ਜਨਤਕ ਥਾਵਾਂ ’ਤੇ ਮੀਟਿੰਗਾਂ ਕੀਤੀਆਂ ਜਾਣਗੀਆਂ।
ਹਿਮਾਂਸ਼ੂ ਜੈਨ ਨੇ ਇਹ ਵੀ ਦੱਸਿਆ ਕਿ ਜਿਨ੍ਹਾਂ ਪੋਲਿੰਗ ਬੂਥਾਂ ’ਤੇ 1200 ਤੋਂ ਵੱਧ ਵੋਟਰ ਦਰਜ ਹਨ, ਉਨ੍ਹਾਂ ਦੀ ਰੈਸ਼ਨਲਾਈਜ਼ੇਸ਼ਨ ਦਾ ਕੰਮ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਵੱਲੋਂ 24 ਜੁਲਾਈ 2026 ਤੱਕ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਪੋਲਿੰਗ ਸਟੇਸ਼ਨ ਦੀ ਇਮਾਰਤ ਬਦਲਣ ਸਬੰਧੀ ਕੋਈ ਸੁਝਾਅ ਜਾਂ ਇਤਰਾਜ਼ ਹੋਵੇ ਤਾਂ ਉਸ ਸਬੰਧੀ ਲਿਖਤੀ ਰਿਪੋਰਟ ਇੱਕ ਹਫ਼ਤੇ ਦੇ ਅੰਦਰ ਜ਼ਿਲ੍ਹਾ ਚੋਣ ਦਫ਼ਤਰ ਨੂੰ ਭੇਜੀ ਜਾਵੇ।
ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਨੂੰ ਹੋਰ ਪਾਰਦਰਸ਼ੀ ਅਤੇ ਸਹੀ ਬਣਾਉਣ ਲਈ ਰਾਜਨੀਤਿਕ ਪਾਰਟੀਆਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ।












Leave a Reply