ਫਤਹਿਗੜ੍ਹ ਸਾਹਿਬ/ਅਮਲੋਹ: ਭਾਰਤ ਚੋਣ ਕਮਿਸ਼ਨ ਵੱਲੋਂ ਚਲਾਏ ਜਾ ਰਹੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.-2026) ਪ੍ਰੋਗਰਾਮ ਨੂੰ ਸਫਲਤਾਪੂਰਵਕ ਲਾਗੂ ਕਰਨ ਲਈ ਵਿਧਾਨ ਸਭਾ ਹਲਕਾ ਅਮਲੋਹ ਦੇ ਬੂਥ ਲੈਵਲ ਏਜੰਟਾਂ (ਬੀ.ਐਲ.ਏਜ਼.) ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਗਈ। ਇਹ ਸਿਖਲਾਈ ਦੇਸ਼ ਭਗਤ ਯੂਨੀਵਰਸਿਟੀ ਅਮਲੋਹ ਵਿਖੇ ਐਸ.ਡੀ.ਐਮ. ਅਮਲੋਹ ਹਰਵੀਰ ਕੌਰ ਦੀ ਅਗਵਾਈ ਹੇਠ ਕਰਵਾਈ ਗਈ।
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਫਤਹਿਗੜ੍ਹ ਸਾਹਿਬ ਡਾ. ਸੋਨਾ ਥਿੰਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਸ.ਆਈ.ਆਰ.-2026 ਦੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਚੋਣ ਅਮਲੇ ਦੇ ਨਾਲ-ਨਾਲ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਵੱਲੋਂ ਨਾਮਜ਼ਦ ਕੀਤੇ ਗਏ ਬੂਥ ਲੈਵਲ ਏਜੰਟਾਂ ਨੂੰ ਵੀ ਲੋੜੀਂਦੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ।
ਸਿਖਲਾਈ ਦੌਰਾਨ ਬੀ.ਐਲ.ਏਜ਼. ਨੂੰ ਐਸ.ਆਈ.ਆਰ. ਦੀ ਸਮੁੱਚੀ ਪ੍ਰਕਿਰਿਆ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ। ਡਾ. ਸੋਨਾ ਥਿੰਦ ਨੇ ਕਿਹਾ ਕਿ ਐਸ.ਆਈ.ਆਰ.-2026 ਨੂੰ ਸਫਲ ਬਣਾਉਣ ਵਿੱਚ ਬੀ.ਐਲ.ਏਜ਼. ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੇ ਹਰ ਪੜਾਅ ਦੌਰਾਨ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਵੱਲੋਂ ਬੀ.ਐਲ.ਏਜ਼. ਨਾਲ ਲੋੜੀਂਦੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ ਤਾਂ ਜੋ ਪ੍ਰਕਿਰਿਆ ਦੀ ਪਾਰਦਰਸ਼ਤਾ ਅਤੇ ਭਰੋਸੇਯੋਗਤਾ ਬਣੀ ਰਹੇ।
ਉਨ੍ਹਾਂ ਰਾਜਨੀਤਿਕ ਪਾਰਟੀਆਂ ਨੂੰ ਭਰੋਸਾ ਦਿਵਾਇਆ ਕਿ ਐਸ.ਆਈ.ਆਰ.-2026 ਦੀ ਪੂਰੀ ਪ੍ਰਕਿਰਿਆ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਵੋਟਰਾਂ ਅਤੇ ਸਿਆਸੀ ਪਾਰਟੀਆਂ ਦੀ ਸਹੂਲਤ ਲਈ ਐਸ.ਆਈ.ਆਰ. ਦੌਰਾਨ ਟੋਲ-ਫਰੀ ਨੰਬਰ 1950 ਲਗਾਤਾਰ ਕਾਰਜਸ਼ੀਲ ਰਹੇਗਾ, ਜਦਕਿ ਜ਼ਿਲ੍ਹਾ ਪੱਧਰ ’ਤੇ ਹੈਲਪ ਡੈਸਕ ਵੀ ਸਥਾਪਤ ਕੀਤਾ ਗਿਆ ਹੈ।
ਇਸ ਮੌਕੇ ਤਹਿਸੀਲਦਾਰ ਅਮਲੋਹ ਵਿਕਾਸ ਸ਼ਰਮਾ ਸਮੇਤ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਰਹੇ।












Leave a Reply