ਫਤਹਿਗੜ੍ਹ ਸਾਹਿਬ : ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਆਯੂਸ਼ ਵਿਭਾਗ ਵੱਲੋਂ ਸਰਹਿੰਦ ਦੇ ਆਮ ਖਾਸ ਬਾਗ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਐਸ.ਡੀ.ਐਮ. ਫਤਹਿਗੜ੍ਹ ਸਾਹਿਬ ਕਰੁਣ ਗੁਪਤਾ ਅਤੇ ਐਸ.ਡੀ.ਐਮ. ਖਮਾਣੋਂ ਅਰਵਿੰਦ ਕੁਮਾਰ ਗੁਪਤਾ ਨੇ ਸ਼ਿਰਕਤ ਕਰਦਿਆਂ ਲੋਕਾਂ ਨੂੰ ਯੋਗ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣ ਦੀ ਅਪੀਲ ਕੀਤੀ।
ਸਮਾਗਮ ਨੂੰ ਸੰਬੋਧਨ ਕਰਦਿਆਂ ਐਸ.ਡੀ.ਐਮ. ਕਰੁਣ ਗੁਪਤਾ ਅਤੇ ਅਰਵਿੰਦ ਕੁਮਾਰ ਗੁਪਤਾ ਨੇ ਕਿਹਾ ਕਿ ਅੱਜ ਦੇ ਭੱਜ-ਦੌੜ ਅਤੇ ਤਣਾਅ ਭਰੇ ਜੀਵਨ ਵਿੱਚ ਯੋਗ ਸਰੀਰਕ ਅਤੇ ਮਾਨਸਿਕ ਸਿਹਤ ਨੂੰ ਬਰਕਰਾਰ ਰੱਖਣ ਦਾ ਸਭ ਤੋਂ ਵਧੀਆ ਸਾਧਨ ਹੈ। ਉਨ੍ਹਾਂ ਕਿਹਾ ਕਿ ਹਰ ਵਿਅਕਤੀ ਨੂੰ ਰੋਜ਼ਾਨਾ ਕੁਝ ਸਮਾਂ ਯੋਗ ਲਈ ਜ਼ਰੂਰ ਕੱਢਣਾ ਚਾਹੀਦਾ ਹੈ, ਜਿਸ ਨਾਲ ਨਾ ਸਿਰਫ਼ ਸਰੀਰ ਤੰਦਰੁਸਤ ਰਹਿੰਦਾ ਹੈ, ਸਗੋਂ ਮਾਨਸਿਕ ਸ਼ਾਂਤੀ ਅਤੇ ਸੰਤੁਲਨ ਵੀ ਬਣਿਆ ਰਹਿੰਦਾ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ “ਸੀ.ਐਮ. ਦੀ ਯੋਗਸ਼ਾਲਾ” ਮੁਹਿੰਮ ਤਹਿਤ ਲੋਕਾਂ ਨੂੰ ਯੋਗ ਨਾਲ ਜੋੜਨ ਲਈ ਵੱਖ-ਵੱਖ ਥਾਵਾਂ ’ਤੇ ਯੋਗਾ ਕਲਾਸਾਂ ਚਲਾਈਆਂ ਜਾ ਰਹੀਆਂ ਹਨ। ਇਨ੍ਹਾਂ ਕਲਾਸਾਂ ਵਿੱਚ ਮਾਹਰ ਟਰੇਨਰਾਂ ਵੱਲੋਂ ਯੋਗ ਦੀ ਸਿਖਲਾਈ ਦਿੱਤੀ ਜਾਂਦੀ ਹੈ ਅਤੇ ਜ਼ਿਲ੍ਹਾ ਵਾਸੀ ਇਸ ਦਾ ਭਰਪੂਰ ਲਾਭ ਲੈ ਰਹੇ ਹਨ।
ਐਸ.ਡੀ.ਐਮ. ਨੇ ਦੱਸਿਆ ਕਿ ਜਿਹੜੇ ਨਾਗਰਿਕ ਆਪਣੇ ਮੁਹੱਲੇ ਜਾਂ ਇਲਾਕੇ ਵਿੱਚ ਯੋਗਸ਼ਾਲਾ ਸ਼ੁਰੂ ਕਰਵਾਉਣਾ ਚਾਹੁੰਦੇ ਹਨ, ਉਹ 25 ਵਿਅਕਤੀਆਂ ਦਾ ਸਮੂਹ ਬਣਾਕੇ ਟੋਲ-ਫਰੀ ਨੰਬਰ 76694-00500 ’ਤੇ ਮਿਸ ਕਾਲ ਦੇ ਸਕਦੇ ਹਨ। ਇਸ ਤੋਂ ਇਲਾਵਾ ਉਹ ਪੰਜਾਬ ਸਰਕਾਰ ਦੇ ਸੀ.ਐਮ. ਦੀ ਯੋਗਸ਼ਾਲਾ ਪੋਰਟਲ ’ਤੇ ਆਨਲਾਈਨ ਰਜਿਸਟ੍ਰੇਸ਼ਨ ਵੀ ਕਰਵਾ ਸਕਦੇ ਹਨ।
ਇਸ ਮੌਕੇ ਜ਼ਿਲ੍ਹਾ ਆਯੁਰਵੈਦਿਕ ਅਫ਼ਸਰ ਡਾ. ਮੰਜੂ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਜੋਬਨਦੀਪ ਕੌਰ, ਡਾ. ਨਵਦੀਪ, ਡਾ. ਕਾਮਨਾ, ਜ਼ਿਲ੍ਹਾ ਖੇਡ ਅਫ਼ਸਰ ਮਨਦੀਪ ਕੌਸ਼ਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਖਿਡਾਰੀਆਂ, ਵਿਦਿਆਰਥੀਆਂ ਅਤੇ ਵੱਡੀ ਗਿਣਤੀ ਵਿੱਚ ਆਮ ਨਾਗਰਿਕਾਂ ਨੇ ਸ਼ਮੂਲੀਅਤ ਕੀਤੀ ਅਤੇ ਯੋਗ ਅਭਿਆਸ ਕੀਤਾ।












Leave a Reply