ਖੰਨਾ ਦੇ ਨੇੜੇ ਲੁਧਿਆਣਾ-ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਐਤਵਾਰ ਨੂੰ ਇੱਕ ਚੱਲਦੀ ਸਲੀਪਰ ਬੱਸ ਨੂੰ ਅਚਾਨਕ ਅੱਗ ਲੱਗ ਗਈ। ਬੱਸ ਵਿੱਚ ਕਰੀਬ 80 ਯਾਤਰੀ ਸਵਾਰ ਸਨ, ਜਿਨ੍ਹਾਂ ਵਿੱਚ ਔਰਤਾਂ ਅਤੇ ਬੱਚੇ ਵੀ ਸ਼ਾਮਲ ਸਨ। ਅੱਗ ਲੱਗਦੇ ਹੀ ਬੱਸ ਵਿੱਚ ਹੜਕੰਪ ਮਚ ਗਿਆ।
ਜਾਣਕਾਰੀ ਅਨੁਸਾਰ ਇਹ ਬੱਸ ਜਲੰਧਰ ਤੋਂ ਉੱਤਰ ਪ੍ਰਦੇਸ਼ ਦੇ ਗੋਂਡਾ ਜ਼ਿਲ੍ਹੇ ਵੱਲ ਜਾ ਰਹੀ ਸੀ। ਜਿਵੇਂ ਹੀ ਬੱਸ ਖੰਨਾ ਨੇੜਲੇ ਪਿੰਡ ਬੀਜਾ ਕੋਲ ਪਹੁੰਚੀ ਤਾਂ ਇਸ ਵਿੱਚ ਅਚਾਨਕ ਅੱਗ ਲੱਗ ਗਈ। ਕੁਝ ਹੀ ਮਿੰਟਾਂ ਵਿੱਚ ਅੱਗ ਨੇ ਪੂਰੀ ਬੱਸ ਨੂੰ ਆਪਣੀ ਲਪੇਟ ਵਿੱਚ ਲੈ ਲਿਆ।
ਹਾਲਾਤਾਂ ਨੂੰ ਦੇਖਦਿਆਂ ਡਰਾਈਵਰ ਨੇ ਫੌਰੀ ਤੌਰ ‘ਤੇ ਬੱਸ ਨੂੰ ਸੜਕ ਕਿਨਾਰੇ ਰੋਕ ਦਿੱਤਾ, ਜਦਕਿ ਕੰਡਕਟਰ ਨੇ ਤੁਰੰਤ ਸੂਝਬੂਝ ਦਿਖਾਉਂਦੇ ਹੋਏ ਸਾਰੇ ਯਾਤਰੀਆਂ ਨੂੰ ਬੱਸ ਤੋਂ ਬਾਹਰ ਕੱਢਣਾ ਸ਼ੁਰੂ ਕਰ ਦਿੱਤਾ। ਸਮੇਂ ਸਿਰ ਸਾਰੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ, ਜਿਸ ਕਾਰਨ ਇੱਕ ਵੱਡਾ ਹਾਦਸਾ ਟਲ ਗਿਆ।
ਘਟਨਾ ਦੀ ਸੂਚਨਾ ਮਿਲਦੇ ਹੀ ਖੰਨਾ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ। ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਅੱਗ ‘ਤੇ ਕਾਬੂ ਪਾ ਲਿਆ। ਇਸ ਦੌਰਾਨ ਖੰਨਾ ਦੀ ਐਸਡੀਐਮ ਸਵਾਤੀ ਟਿਵਾਣਾ ਵੀ ਮੌਕੇ ‘ਤੇ ਪਹੁੰਚੀ ਅਤੇ ਸਥਿਤੀ ਦਾ ਜਾਇਜ਼ਾ ਲਿਆ।
ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਅਤੇ ਸੰਬੰਧਿਤ ਅਧਿਕਾਰੀਆਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।












Leave a Reply