ਖੰਨਾ: ਪੰਜਾਬ ਦੀ ਸਿਆਸਤ ਵਿੱਚ ਕਰੀਬ ਦੋ ਦਹਾਕਿਆਂ ਤੋਂ ਆਪਣੀ ਪਛਾਣ ਬਣਾਉਣ ਦੀ ਕੋਸ਼ਿਸ਼ ਕਰ ਰਹੇ ਗੁਰਪ੍ਰੀਤ ਸਿੰਘ ਭੱਟੀ ਨੇ ਇੱਕ ਵਾਰ ਫਿਰ ਸਿਆਸੀ ਪਾਰਟੀ ਬਦਲ ਲਈ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਤੋਂ ਅਸਤੀਫਾ ਦੇਣ ਤੋਂ ਕੁਝ ਦਿਨਾਂ ਬਾਅਦ ਉਹ ਅਕਾਲੀ ਦਲ ਵਾਰਿਸ ਪੰਜਾਬ ਵਿੱਚ ਸ਼ਾਮਲ ਹੋ ਗਏ ਹਨ।
ਭੱਟੀਆਂ ਵਿਖੇ ਉਨ੍ਹਾਂ ਦੀ ਰਿਹਾਇਸ਼ ‘ਤੇ ਕਰਵਾਏ ਗਏ ਇੱਕ ਸਮਾਗਮ ਦੌਰਾਨ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ, ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੀ ਮੌਜੂਦਗੀ ਵਿੱਚ ਗੁਰਪ੍ਰੀਤ ਭੱਟੀ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਗਿਆ।
ਗੁਰਪ੍ਰੀਤ ਭੱਟੀ ਦੇ ਇਸ ਫੈਸਲੇ ਨੇ ਸਿਆਸੀ ਹਲਕਿਆਂ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ। ਤਿੰਨ ਵੱਖ-ਵੱਖ ਚੋਣਾਂ ਵਿੱਚ ਹਾਰ ਦਾ ਸਾਹਮਣਾ ਕਰਨ ਅਤੇ ਲਗਾਤਾਰ ਪਾਰਟੀਆਂ ਬਦਲਣ ਕਾਰਨ ਉਨ੍ਹਾਂ ਦੀ ਸਿਆਸੀ ਭਰੋਸੇਯੋਗਤਾ ‘ਤੇ ਵੀ ਸਵਾਲ ਉੱਠ ਰਹੇ ਹਨ।
ਕਈ ਪਾਰਟੀਆਂ ਦਾ ਕਰ ਚੁੱਕੇ ਹਨ ਸਫਰ
ਗੁਰਪ੍ਰੀਤ ਭੱਟੀ ਨੇ ਆਪਣੇ ਸਿਆਸੀ ਕਰੀਅਰ ਦੀ ਸ਼ੁਰੂਆਤ ਸ਼੍ਰੋਮਣੀ ਅਕਾਲੀ ਦਲ ਤੋਂ ਕੀਤੀ ਸੀ। ਬਾਅਦ ਵਿੱਚ ਉਹ ਮਨਪ੍ਰੀਤ ਸਿੰਘ ਬਾਦਲ ਦੀ ਪੀਪਲਜ਼ ਪਾਰਟੀ ਆਫ ਪੰਜਾਬ (ਪੀਪੀਪੀ) ਨਾਲ ਜੁੜ ਗਏ। ਸਾਲ 2012 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਨੇ ਖੰਨਾ ਤੋਂ ਪੀਪੀਪੀ ਦੇ ਉਮੀਦਵਾਰ ਵਜੋਂ ਚੋਣ ਲੜੀ, ਪਰ ਜਿੱਤ ਹਾਸਲ ਨਹੀਂ ਕਰ ਸਕੇ।
ਇਸ ਤੋਂ ਬਾਅਦ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਅਤੇ 2017 ਦੀਆਂ ਚੋਣਾਂ ਵਿੱਚ ਅਮਲੋਹ ਹਲਕੇ ਤੋਂ ਕਿਸਮਤ ਅਜ਼ਮਾਈ। ਹਲਕਾ ਬਦਲਣ ਦੇ ਬਾਵਜੂਦ ਉਨ੍ਹਾਂ ਨੂੰ ਮੁੜ ਹਾਰ ਦਾ ਸਾਹਮਣਾ ਕਰਨਾ ਪਿਆ।
ਬਾਅਦ ਵਿੱਚ ਭੱਟੀ ਭਾਜਪਾ ਵਿੱਚ ਸ਼ਾਮਲ ਹੋ ਗਏ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਖੰਨਾ ਤੋਂ ਪਾਰਟੀ ਦੇ ਉਮੀਦਵਾਰ ਬਣੇ। ਹਾਲਾਂਕਿ ਤੀਜੀ ਵਾਰ ਵੀ ਉਹ ਜਿੱਤ ਦਰਜ ਨਹੀਂ ਕਰ ਸਕੇ।
ਜ਼ਮੀਨੀ ਪੱਧਰ ‘ਤੇ ਸਰਗਰਮੀ ਦੀ ਘਾਟ ਰਹੀ ਵੱਡੀ ਚੁਣੌਤੀ
ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਗੁਰਪ੍ਰੀਤ ਭੱਟੀ ਦੀ ਸਭ ਤੋਂ ਵੱਡੀ ਕਮਜ਼ੋਰੀ ਜ਼ਮੀਨੀ ਪੱਧਰ ‘ਤੇ ਲਗਾਤਾਰ ਸਰਗਰਮ ਨਾ ਰਹਿਣਾ ਰਹੀ ਹੈ। ਚੋਣਾਂ ਦੌਰਾਨ ਸਰਗਰਮ ਦਿਖਾਈ ਦੇਣ ਦੇ ਬਾਵਜੂਦ ਉਹ ਚੋਣਾਂ ਤੋਂ ਬਾਅਦ ਲੋਕਾਂ ਨਾਲ ਮਜ਼ਬੂਤ ਸੰਪਰਕ ਬਣਾਈ ਰੱਖਣ ਵਿੱਚ ਕਾਮਯਾਬ ਨਹੀਂ ਹੋ ਸਕੇ, ਜਿਸ ਕਾਰਨ ਉਨ੍ਹਾਂ ਦਾ ਕੋਈ ਮਜ਼ਬੂਤ ਵੋਟ ਬੈਂਕ ਤਿਆਰ ਨਹੀਂ ਹੋ ਸਕਿਆ।
ਵਿਚਾਰਧਾਰਾ ਜਾਂ ਸਿਆਸੀ ਮੌਕਾ?
ਸਥਾਨਕ ਸਿਆਸੀ ਹਲਕਿਆਂ ਵਿੱਚ ਇਹ ਚਰਚਾ ਵੀ ਹੈ ਕਿ ਭੱਟੀ ਨੇ ਆਪਣੀ ਸਿਆਸੀ ਯਾਤਰਾ ਦੌਰਾਨ ਵਿਚਾਰਧਾਰਾ ਨਾਲੋਂ ਸਿਆਸੀ ਮੌਕਿਆਂ ਨੂੰ ਵੱਧ ਤਰਜੀਹ ਦਿੱਤੀ ਹੈ। ਅਕਾਲੀ ਦਲ, ਪੀਪੀਪੀ, ਆਮ ਆਦਮੀ ਪਾਰਟੀ, ਭਾਜਪਾ ਅਤੇ ਹੁਣ ਅਕਾਲੀ ਦਲ ਵਾਰਿਸ ਪੰਜਾਬ ਵਿੱਚ ਸ਼ਾਮਲ ਹੋਣਾ ਇਸ ਗੱਲ ਨੂੰ ਹੋਰ ਬਲ ਦਿੰਦਾ ਹੈ ਕਿ ਉਹ ਅਜੇ ਵੀ ਆਪਣੇ ਲਈ ਇੱਕ ਸਥਾਈ ਸਿਆਸੀ ਮੰਚ ਦੀ ਭਾਲ ਵਿੱਚ ਹਨ।
ਚਰਚਾਵਾਂ ਇਹ ਵੀ ਹਨ ਕਿ ਆਉਣ ਵਾਲੀਆਂ ਚੋਣਾਂ ਵਿੱਚ ਉਹ ਖੰਨਾ ਜਾਂ ਫਤਿਹਗੜ੍ਹ ਸਾਹਿਬ ਹਲਕੇ ਤੋਂ ਚੋਣ ਮੈਦਾਨ ਵਿੱਚ ਉਤਰ ਸਕਦੇ ਹਨ। ਹਾਲਾਂਕਿ ਤਿੰਨ ਚੋਣਾਂ ਵਿੱਚ ਹਾਰ ਤੋਂ ਬਾਅਦ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਕੀ ਉਨ੍ਹਾਂ ਦਾ ਇਹ ਨਵਾਂ ਸਿਆਸੀ ਦਾਅ ਸਫਲ ਰਹਿੰਦਾ ਹੈ ਜਾਂ ਨਹੀਂ।
ਕੀ ਕਹਿੰਦੇ ਹਨ ਗੁਰਪ੍ਰੀਤ ਭੱਟੀ?
ਗੁਰਪ੍ਰੀਤ ਸਿੰਘ ਭੱਟੀ ਦਾ ਕਹਿਣਾ ਹੈ ਕਿ ਉਹ ਵਿਚਾਰਧਾਰਕ ਤੌਰ ‘ਤੇ ਹਮੇਸ਼ਾ ਅਕਾਲੀ ਰਹੇ ਹਨ ਅਤੇ ਉਨ੍ਹਾਂ ਦਾ ਪਰਿਵਾਰ ਵੀ ਅਕਾਲੀ ਵਿਚਾਰਧਾਰਾ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਸਾਲ 2010 ਦੇ ਆਸ-ਪਾਸ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਦਿਸ਼ਾ ਬਦਲਦੀ ਨਜ਼ਰ ਆਈ ਸੀ, ਜਿਸ ਕਾਰਨ ਉਨ੍ਹਾਂ ਨੇ ਪਾਰਟੀ ਛੱਡ ਦਿੱਤੀ ਸੀ।
ਭੱਟੀ ਨੇ ਕਿਹਾ ਕਿ ਇਸ ਤੋਂ ਬਾਅਦ ਉਨ੍ਹਾਂ ਨੂੰ ਕੋਈ ਅਜਿਹਾ ਸਿਆਸੀ ਮੰਚ ਨਹੀਂ ਮਿਲਿਆ ਜੋ ਪੰਜਾਬ ਅਤੇ ਪੰਥ ਦੇ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਂਦਾ ਹੋਵੇ। ਉਨ੍ਹਾਂ ਦਾ ਦਾਅਵਾ ਹੈ ਕਿ ਅਕਾਲੀ ਦਲ ਵਾਰਿਸ ਪੰਜਾਬ ਦੀ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਹੀ ਉਹ ਇਸ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਉਹ ਬਿਨਾਂ ਕਿਸੇ ਅਹੁਦੇ, ਲਾਲਚ ਜਾਂ ਸ਼ਰਤ ਦੇ ਪਾਰਟੀ ਵਿੱਚ ਆਏ ਹਨ ਅਤੇ ਪੂਰੀ ਨਿਸ਼ਠਾ ਨਾਲ ਕੰਮ ਕਰਨਗੇ।












Leave a Reply