ਫਤਹਿਗੜ੍ਹ ਸਾਹਿਬ: ਨਸ਼ੇ ਦੀ ਰੋਕਥਾਮ ਅਤੇ ਦਵਾਈਆਂ ਦੀ ਗੈਰ-ਕਾਨੂੰਨੀ ਵਰਤੋਂ ਨੂੰ ਕਾਬੂ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਸਖ਼ਤ ਕਦਮ ਚੁੱਕਿਆ ਹੈ। ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (ਬੀ.ਐਨ.ਐਸ.ਐਸ.) 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਪ੍ਰੀਗਾਬਾਲਿਨ ਸਾਲਟ ਦੇ ਕੈਪਸੂਲ ਅਤੇ ਗੋਲੀਆਂ ਨੂੰ ਬਿਨਾਂ ਲਾਇਸੰਸ ਜਾਂ ਮਨਜ਼ੂਰਸ਼ੁਦਾ ਮਾਤਰਾ ਤੋਂ ਵੱਧ ਰੱਖਣ ‘ਤੇ ਪਾਬੰਦੀ ਲਗਾ ਦਿੱਤੀ ਹੈ।
ਹੁਕਮਾਂ ਅਨੁਸਾਰ ਪ੍ਰੀਗਾਬਾਲਿਨ ਸਾਲਟ ਵਾਲੀਆਂ ਦਵਾਈਆਂ ਦੀ ਵਿਕਰੀ ਕਰਨ ਵਾਲੇ ਮੈਡੀਕਲ ਸਟੋਰਾਂ ਲਈ ਵੇਚੀਆਂ ਗਈਆਂ ਦਵਾਈਆਂ ਦੇ ਬਿੱਲਾਂ ਅਤੇ ਹੋਰ ਸਬੰਧਤ ਰਿਕਾਰਡ ਦਾ ਸਹੀ ਢੰਗ ਨਾਲ ਰੱਖ-ਰਖਾਅ ਕਰਨਾ ਲਾਜ਼ਮੀ ਹੋਵੇਗਾ। ਇਸ ਤੋਂ ਇਲਾਵਾ ਇਹ ਦਵਾਈਆਂ ਕੇਵਲ ਰਜਿਸਟਰਡ ਡਾਕਟਰ ਦੀ ਤਜਵੀਜ਼ (ਪ੍ਰਿਸਕ੍ਰਿਪਸ਼ਨ) ਦੇ ਆਧਾਰ ‘ਤੇ ਹੀ ਵੇਚੀਆਂ ਜਾ ਸਕਣਗੀਆਂ।
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਇਹ ਹੁਕਮ 26 ਅਗਸਤ 2026 ਤੱਕ ਪ੍ਰਭਾਵੀ ਰਹਿਣਗੇ। ਪ੍ਰਸ਼ਾਸਨ ਨੇ ਸਬੰਧਤ ਮੈਡੀਕਲ ਸਟੋਰ ਸੰਚਾਲਕਾਂ ਅਤੇ ਆਮ ਲੋਕਾਂ ਨੂੰ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ ਹੈ।












Leave a Reply