ਫ਼ਤਹਿਗੜ੍ਹ ਸਾਹਿਬ: ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਏ ਜਾ ਰਹੇ ‘ਖੇਤ ਬਚਾਓ ਅਭਿਆਨ’ ਤਹਿਤ ਪੰਜਾਬ ਨੈਸ਼ਨਲ ਬੈਂਕ ਟ੍ਰੇਨਿੰਗ ਇੰਸਟੀਟਿਊਟ, ਸ਼ਮਸ਼ੇਰ ਨਗਰ (ਸਰਹਿੰਦ) ਵਿਖੇ ਕਿਸਾਨਾਂ ਲਈ ਸਿਖਲਾਈ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਕਿਸਾਨਾਂ ਨੂੰ ਆਧੁਨਿਕ ਖੇਤੀ ਤਕਨੀਕਾਂ, ਸਰਕਾਰੀ ਸਕੀਮਾਂ ਅਤੇ ਫ਼ਸਲਾਂ ਦੀ ਸੰਭਾਲ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਨੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਵੀ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਲਈ ਵਿਚਾਰ-ਵਟਾਂਦਰਾ ਕੀਤਾ।
ਖੇਤੀਬਾੜੀ ਵਿਕਾਸ ਅਫ਼ਸਰ ਸਤਵਿੰਦਰ ਸਿੰਘ ਨੇ ਝੋਨੇ ਵਿੱਚ ਫੈਲਣ ਵਾਲੇ ਬੋਨੇ ਵਾਇਰਸ ਦੇ ਲੱਛਣ, ਬਚਾਅ ਦੇ ਤਰੀਕੇ ਅਤੇ ਇਸ ਦੀ ਰੋਕਥਾਮ ਲਈ ਅਪਣਾਈਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਐਗਰੀਕਲਚਰ ਯੂਨੀਵਰਸਿਟੀ, ਲੁਧਿਆਣਾ ਵੱਲੋਂ ਸਿਫ਼ਾਰਸ਼ ਕੀਤੀਆਂ ਖਾਦਾਂ ਦੀ ਸੰਤੁਲਿਤ ਅਤੇ ਸੁਚੱਜੀ ਵਰਤੋਂ ਸਬੰਧੀ ਤਕਨੀਕਾਂ ਵੀ ਕਿਸਾਨਾਂ ਨਾਲ ਸਾਂਝੀਆਂ ਕੀਤੀਆਂ।
ਖੇਤੀਬਾੜੀ ਵਿਸਥਾਰ ਅਫ਼ਸਰ ਪ੍ਰਭੂ ਨਾਥ ਨੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਦੀ ਜਾਣਕਾਰੀ ਦਿੱਤੀ। ਉੱਥੇ ਹੀ ਖੇਤੀਬਾੜੀ ਉਪ ਨਿਰੀਖਕ ਰਮਨਦੀਪ ਸਿੰਘ ਨੇ ਮਿੱਟੀ ਪਰਖ ਦੀ ਮਹੱਤਤਾ, ਮਿੱਟੀ ਦੇ ਨਮੂਨੇ ਲੈਣ ਦੀ ਸਹੀ ਵਿਧੀ ਅਤੇ ਐਗਰੀਸਟੈਕ ਸਕੀਮ ਤਹਿਤ ਬਣ ਰਹੀ ਕਿਸਾਨ ਆਈ.ਡੀ. ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਕੈਂਪ ਦੌਰਾਨ ਹਰਦੀਪ ਸਿੰਘ (ਅਸਿਸਟੈਂਟ ਟੈਕਨੋਲੋਜੀ ਮੈਨੇਜਰ), ਗੁਰਿੰਦਰ ਸਿੰਘ, ਮਨਾਗਰ ਸਿੰਘ ਅਤੇ ਨਰਿੰਦਰ ਸਿੰਘ ਸਮੇਤ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਰਹੇ।












Leave a Reply