ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ ਜਗਰਾਉਂ ਵਿਖੇ ਤਾਇਨਾਤ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਨਿਖਿਲ ਗਰਗ ਨੂੰ 1 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਕੋਲ ਦੋਰਾਹਾ ਦਫ਼ਤਰ ਦਾ ਵਾਧੂ ਚਾਰਜ ਵੀ ਸੀ। ਵਿਜੀਲੈਂਸ ਟੀਮ ਨੇ ਉਸ ਨੂੰ ਪਟਿਆਲਾ ਸਥਿਤ ਉਸ ਦੀ ਰਿਹਾਇਸ਼ ਤੋਂ ਕਾਬੂ ਕੀਤਾ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕਾਰਵਾਈ ਇੱਕ ਸਹਿਕਾਰੀ ਸਭਾ ਦੇ ਮੈਨੇਜਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਮੁਲਜ਼ਮ ਨੇ ਉਸ ਦੀ ਦੋਰਾਹਾ ਵਿਖੇ ਬਦਲੀ ਦੀ ਅਰਜ਼ੀ ਦੀ ਸਿਫ਼ਾਰਸ਼ ਕਰਨ ਦੇ ਬਦਲੇ 5 ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ।
ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਰਿਸ਼ਵਤ ਦੀ ਰਕਮ ਮਿਲਣ ਤੋਂ ਬਾਅਦ ਮੁਲਜ਼ਮ ਨੇ ਬਦਲੀ ਸਬੰਧੀ ਪ੍ਰੋਸੀਡਿੰਗ ਬੁੱਕ ਵਿੱਚ ਪਿਛਲੀ ਤਰੀਕ ਦੇ ਦਸਤਖ਼ਤ ਕਰ ਦਿੱਤੇ। ਦੋਸ਼ ਹੈ ਕਿ ਉਸ ਨੇ ਇਹ ਰਕਮ ਆਪਣੇ ਸੀਨੀਅਰ ਅਧਿਕਾਰੀਆਂ ਦੇ ਨਾਮ ‘ਤੇ ਮੰਗੀ ਅਤੇ ਰਕਮ ਪ੍ਰਾਪਤ ਹੋਣ ਮਗਰੋਂ ਉਨ੍ਹਾਂ ਨੂੰ ਇਸ ਬਾਰੇ ਜਾਣਕਾਰੀ ਵੀ ਦਿੱਤੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਨਾਲ ਸਬੰਧਤ ਗੱਲਬਾਤ ਰਿਕਾਰਡ ਕਰਕੇ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।
ਇਸ ਤੋਂ ਬਾਅਦ ਵਿਜੀਲੈਂਸ ਬਿਊਰੋ ਦੇ ਆਰਥਿਕ ਅਪਰਾਧ ਵਿੰਗ (ਈ.ਓ.ਡਬਲਯੂ.) ਲੁਧਿਆਣਾ ਦੀ ਟੀਮ ਨੇ ਜਾਲ ਵਿਛਾਇਆ। ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਮੁਲਜ਼ਮ ਨੂੰ ਸ਼ਿਕਾਇਤਕਰਤਾ ਤੋਂ 1 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਮੌਕੇ ਤੋਂ ਰਿਸ਼ਵਤ ਦੀ ਰਕਮ ਵੀ ਬਰਾਮਦ ਕਰ ਲਈ ਗਈ।
ਵਿਜੀਲੈਂਸ ਬਿਊਰੋ ਨੇ ਮੁਲਜ਼ਮ ਖ਼ਿਲਾਫ਼ ਈ.ਓ.ਡਬਲਯੂ. ਥਾਣਾ ਲੁਧਿਆਣਾ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਹੈ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।












Leave a Reply