ਖੰਨਾ: ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਖੰਨਾ ਪੁਲਿਸ ਨੇ ਇੱਕ ਹੋਰ ਵੱਡੀ ਕਾਰਵਾਈ ਕਰਦਿਆਂ 53 ਐਨਡੀਪੀਐਸ ਮਾਮਲਿਆਂ ਨਾਲ ਸਬੰਧਤ ਜ਼ਬਤ ਕੀਤੀ ਗਈ ਨਸ਼ੀਲੀ ਸਮੱਗਰੀ ਨੂੰ ਕਾਨੂੰਨੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਨਸ਼ਟ ਕਰ ਦਿੱਤਾ। ਇਹ ਕਾਰਵਾਈ ਐੱਸ.ਐੱਸ.ਪੀ. ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਸਰਕਾਰੀ ਇਨਸੀਨੇਟਰ, ਪੁਲਿਸ ਚੌਕੀ ਈਸ਼ਵਰ ਨਗਰ, ਫੋਕਲ ਪੁਆਇੰਟ ਲੁਧਿਆਣਾ ਵਿਖੇ ਕੀਤੀ ਗਈ।
ਪੁਲਿਸ ਵੱਲੋਂ ਨਸ਼ਟ ਕੀਤੀ ਗਈ ਕੇਸ ਪ੍ਰਾਪਰਟੀ ਵਿੱਚ 10 ਕਿਲੋ ਭੁੱਕੀ, 3 ਕਿਲੋ 300 ਗ੍ਰਾਮ ਗਾਂਜਾ, 1 ਕਿਲੋ 50 ਗ੍ਰਾਮ ਹੈਰੋਇਨ, 60 ਨਸ਼ੀਲੀਆਂ ਗੋਲੀਆਂ ਅਤੇ 49 ਖਾਲੀ ਕੱਪੜੇ ਦੇ ਥੈਲੇ ਸ਼ਾਮਲ ਸਨ। ਇਹ ਸਾਰਾ ਸਾਮਾਨ ਵੱਖ-ਵੱਖ ਐਨਡੀਪੀਐਸ ਮਾਮਲਿਆਂ ਦੌਰਾਨ ਜ਼ਬਤ ਕੀਤਾ ਗਿਆ ਸੀ।
ਐੱਸ.ਐੱਸ.ਪੀ. ਡਾ. ਦਰਪਣ ਆਹਲੂਵਾਲੀਆ ਨੇ ਕਿਹਾ ਕਿ ਖੰਨਾ ਪੁਲਿਸ ਦੀ ਪਹਿਲੀ ਤਰਜੀਹ ਨਸ਼ਾ ਤਸਕਰਾਂ ਦੇ ਨੈੱਟਵਰਕ ਨੂੰ ਤੋੜਨਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਹੈ। ਉਨ੍ਹਾਂ ਕਿਹਾ ਕਿ ਜ਼ਬਤ ਕੀਤੇ ਗਏ ਨਸ਼ੀਲੇ ਪਦਾਰਥਾਂ ਦਾ ਸਮੇਂ ਸਿਰ ਕਾਨੂੰਨੀ ਢੰਗ ਨਾਲ ਨਿਪਟਾਰਾ ਕਰਨਾ ਵੀ ਉਤਨਾ ਹੀ ਜ਼ਰੂਰੀ ਹੈ, ਤਾਂ ਜੋ ਇਨ੍ਹਾਂ ਦੀ ਮੁੜ ਵਰਤੋਂ ਦੀ ਕੋਈ ਸੰਭਾਵਨਾ ਨਾ ਰਹੇ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਆਮ ਲੋਕਾਂ ਨੂੰ ਵੀ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਪੁਲਿਸ ਦਾ ਸਹਿਯੋਗ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਨਸ਼ਾ ਤਸਕਰੀ ਨਾਲ ਸਬੰਧਤ ਕੋਈ ਵੀ ਜਾਣਕਾਰੀ ਤੁਰੰਤ ਪੁਲਿਸ ਨਾਲ ਸਾਂਝੀ ਕੀਤੀ ਜਾਵੇ। ਉਨ੍ਹਾਂ ਭਰੋਸਾ ਦਿੱਤਾ ਕਿ ਸੂਚਨਾ ਦੇਣ ਵਾਲੇ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।
ਖੰਨਾ ਪੁਲਿਸ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਨਸ਼ਿਆਂ ਖ਼ਿਲਾਫ਼ ਜ਼ੀਰੋ ਟੋਲਰੈਂਸ ਦੀ ਨੀਤੀ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ ਅਤੇ ਭਵਿੱਖ ਵਿੱਚ ਵੀ ਨਸ਼ਾ ਤਸਕਰਾਂ ਵਿਰੁੱਧ ਅਜਿਹੀਆਂ ਕਾਰਵਾਈਆਂ ਲਗਾਤਾਰ ਜਾਰੀ ਰਹਿਣਗੀਆਂ।












Leave a Reply