BREAKING PUNJAB

Fastest Punjab & National News in Punjabi and Hindi

ਖੰਨਾ ਪੁਲਿਸ ਦਾ ਵੱਡਾ ਐਕਸ਼ਨ: 150 ਗੈਰ-ਕਾਨੂੰਨੀ ਬੁਲੇਟ ਸਾਈਲੈਂਸਰਾਂ ‘ਤੇ ਚੱਲਿਆ ਬੁਲਡੋਜ਼ਰ

Ssp dr. Darpan Ahluwalia in action mode

ਖੰਨਾ: ਪੁਲਿਸ ਜ਼ਿਲ੍ਹਾ ਖੰਨਾ ਨੇ ਗੈਰ-ਕਾਨੂੰਨੀ ਸਾਈਲੈਂਸਰ ਲਗਾ ਕੇ ਬੁਲੇਟ ਮੋਟਰਸਾਈਕਲਾਂ ਤੋਂ ਪਟਾਕੇ ਮਾਰਨ ਵਾਲਿਆਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਕਰੀਬ 150 ਗੈਰ-ਕਾਨੂੰਨੀ ਸਾਈਲੈਂਸਰ ਜ਼ਬਤ ਕਰਕੇ ਅਮਲੋਹ ਚੌਂਕ ਵਿੱਚ ਜਨਤਕ ਤੌਰ ‘ਤੇ ਬੁਲਡੋਜ਼ਰ ਨਾਲ ਨਸ਼ਟ ਕਰ ਦਿੱਤੇ। ਇਹ ਕਾਰਵਾਈ ਐਸਐਸਪੀ ਡਾ. ਦਰਪਣ ਆਹਲੂਵਾਲੀਆ (ਆਈਪੀਐਸ) ਦੀ ਅਗਵਾਈ ਹੇਠ ਚਲਾਈ ਗਈ ਵਿਸ਼ੇਸ਼ ਮੁਹਿੰਮ ਦਾ ਹਿੱਸਾ ਸੀ।

ਐਸਐਸਪੀ ਡਾ. ਦਰਪਣ ਆਹਲੂਵਾਲੀਆ ਨੇ ਦੱਸਿਆ ਕਿ ਪਿਛਲੇ ਕੁਝ ਸਮੇਂ ਤੋਂ ਪੁਲਿਸ ਨੂੰ ਬੁਲੇਟ ਮੋਟਰਸਾਈਕਲਾਂ ‘ਤੇ ਗੈਰ-ਕਾਨੂੰਨੀ ਸਾਈਲੈਂਸਰ ਲਗਾ ਕੇ ਉੱਚੀ ਆਵਾਜ਼ ਵਿੱਚ ਪਟਾਕੇ ਮਾਰਨ ਸਬੰਧੀ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ। ਉਨ੍ਹਾਂ ਕਿਹਾ ਕਿ ਅਜਿਹੀਆਂ ਹਰਕਤਾਂ ਕਾਰਨ ਆਮ ਲੋਕਾਂ, ਖ਼ਾਸ ਕਰਕੇ ਔਰਤਾਂ, ਬਜ਼ੁਰਗਾਂ, ਦਿਲ ਦੇ ਮਰੀਜ਼ਾਂ, ਛੋਟੇ ਬੱਚਿਆਂ ਅਤੇ ਸਕੂਲ-ਕਾਲਜਾਂ ਦੇ ਨੇੜੇ ਰਹਿਣ ਵਾਲੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।

ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਮੁਹਿੰਮ ਦੌਰਾਨ ਪੂਰੇ ਜ਼ਿਲ੍ਹੇ ਵਿੱਚ ਸੈਂਕੜੇ ਵਾਹਨਾਂ ਦੇ ਚਲਾਨ ਕੀਤੇ ਗਏ ਅਤੇ ਕਰੀਬ 150 ਗੈਰ-ਕਾਨੂੰਨੀ ਸਾਈਲੈਂਸਰ ਜ਼ਬਤ ਕੀਤੇ ਗਏ। ਇਨ੍ਹਾਂ ਨੂੰ ਜਨਤਕ ਤੌਰ ‘ਤੇ ਨਸ਼ਟ ਕਰਕੇ ਲੋਕਾਂ ਨੂੰ ਇਹ ਸੰਦੇਸ਼ ਦਿੱਤਾ ਗਿਆ ਕਿ ਕਾਨੂੰਨ ਦੀ ਉਲੰਘਣਾ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਐਸਐਸਪੀ ਨੇ ਕਿਹਾ ਕਿ ਇਹ ਮੁਹਿੰਮ ਇੱਥੇ ਹੀ ਨਹੀਂ ਰੁਕੇਗੀ। ਅਗਲੇ ਪੜਾਅ ਵਿੱਚ ਉਹਨਾਂ ਵਰਕਸ਼ਾਪਾਂ, ਗੈਰਾਜਾਂ ਅਤੇ ਮਕੈਨਿਕਾਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ ਜੋ ਗੈਰ-ਕਾਨੂੰਨੀ ਸਾਈਲੈਂਸਰ ਲਗਾਉਣ ਜਾਂ ਵਾਹਨਾਂ ਦੀ ਗੈਰ-ਕਾਨੂੰਨੀ ਮੋਡੀਫਿਕੇਸ਼ਨ ਕਰਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਮਾਮਲਿਆਂ ਵਿੱਚ ਕਾਨੂੰਨੀ ਕਾਰਵਾਈ ਦੇ ਨਾਲ ਮੁਕੱਦਮੇ ਵੀ ਦਰਜ ਕੀਤੇ ਜਾਣਗੇ।

ਐਸਐਸਪੀ ਡਾ. ਦਰਪਣ ਆਹਲੂਵਾਲੀਆ ਨੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕਰਨ ਅਤੇ ਗੈਰ-ਕਾਨੂੰਨੀ ਸਾਈਲੈਂਸਰ ਲਗਾ ਕੇ ਪਟਾਕੇ ਮਾਰਨ ਵਰਗੀਆਂ ਹਰਕਤਾਂ ਤੋਂ ਰੋਕਣ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕੋਈ ਨਾਬਾਲਗ ਅਜਿਹੀ ਉਲੰਘਣਾ ਕਰਦਾ ਮਿਲਿਆ ਤਾਂ ਕਾਨੂੰਨ ਅਨੁਸਾਰ ਉਸਦੇ ਮਾਪਿਆਂ ਖ਼ਿਲਾਫ਼ ਵੀ ਕਾਰਵਾਈ ਹੋ ਸਕਦੀ ਹੈ।

ਇਸ ਕਾਰਵਾਈ ਨੂੰ ਸ਼ਹਿਰ ਵਾਸੀਆਂ ਨੇ ਵੀ ਸਰਾਹਿਆ। ਲੋਕਾਂ ਦਾ ਕਹਿਣਾ ਸੀ ਕਿ ਗੈਰ-ਕਾਨੂੰਨੀ ਸਾਈਲੈਂਸਰਾਂ ਦੀ ਉੱਚੀ ਆਵਾਜ਼ ਕਾਰਨ ਲੰਬੇ ਸਮੇਂ ਤੋਂ ਲੋਕ ਪ੍ਰੇਸ਼ਾਨ ਸਨ ਅਤੇ ਪੁਲਿਸ ਦੀ ਇਸ ਮੁਹਿੰਮ ਨਾਲ ਨਾ ਸਿਰਫ਼ ਟਰੈਫਿਕ ਨਿਯਮਾਂ ਦੀ ਪਾਲਣਾ ਨੂੰ ਹੁਲਾਰਾ ਮਿਲੇਗਾ, ਸਗੋਂ ਕਾਨੂੰਨ ਦਾ ਡਰ ਵੀ ਪੈਦਾ ਹੋਵੇਗਾ।

ਇਸ ਮੌਕੇ ਡੀਐਸਪੀ ਟਰੈਫਿਕ ਕਰਮਵੀਰ ਸਿੰਘ ਤੂਰ, ਟਰੈਫਿਕ ਇੰਚਾਰਜ ਕੁਲਜੀਤ ਸਿੰਘ ਅਤੇ ਟਰੈਫਿਕ ਪੁਲਿਸ ਦੇ ਹੋਰ ਅਧਿਕਾਰੀ ਵੀ ਮੌਜੂਦ ਰਹੇ।

Leave a Reply

Your email address will not be published. Required fields are marked *