BREAKING PUNJAB

Fastest Punjab & National News in Punjabi and Hindi

ਬਿੱਲ ਨਾ ਭਰਨ ‘ਤੇ ਵੀ ਮ੍ਰਿਤਕ ਦੇਹ ਵਾਰਸਾਂ ਨੂੰ ਦੇਣ ਤੋਂ ਹਸਪਤਾਲ ਇਨਕਾਰ ਨਹੀਂ ਕਰ ਸਕਣਗੇ: ਜਤਿੰਦਰ ਸਿੰਘ ਸ਼ੰਟੀ

Member of Human rights commission in Fatehgarh Sahib

ਮੰਡੀ ਗੋਬਿੰਦਗੜ੍ਹ: ਪੰਜਾਬ ਰਾਜ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਅਤੇ ਪਦਮ ਸ਼੍ਰੀ ਐਵਾਰਡੀ ਜਤਿੰਦਰ ਸਿੰਘ ਸ਼ੰਟੀ ਨੇ ਕਿਹਾ ਹੈ ਕਿ ਪੰਜਾਬ ਦਾ ਕੋਈ ਵੀ ਸਰਕਾਰੀ ਜਾਂ ਪ੍ਰਾਈਵੇਟ ਹਸਪਤਾਲ ਬਿੱਲਾਂ ਦਾ ਭੁਗਤਾਨ ਨਾ ਹੋਣ ਦੀ ਸੂਰਤ ਵਿੱਚ ਕਿਸੇ ਵੀ ਮਰੀਜ਼ ਦੀ ਮ੍ਰਿਤਕ ਦੇਹ ਉਸਦੇ ਵਾਰਸਾਂ ਨੂੰ ਸੌਂਪਣ ਤੋਂ ਇਨਕਾਰ ਨਹੀਂ ਕਰ ਸਕੇਗਾ।

ਦੇਸ਼ ਭਗਤ ਯੂਨੀਵਰਸਿਟੀ ਅਤੇ ਰਿਮਟ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ ਵਿਖੇ ਲੋਕਾਂ ਨਾਲ ਖੁੱਲ੍ਹੇ ਸੰਵਾਦ ਦੌਰਾਨ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਜਾ ਚੁੱਕਾ ਹੈ। ਉਨ੍ਹਾਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ ਨੂੰ ਨੋਟੀਫਿਕੇਸ਼ਨ ਦੀ ਕਾਪੀ ਸੌਂਪਦਿਆਂ ਇਸ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਾਰੇ ਹਸਪਤਾਲਾਂ ਨੂੰ ਆਪਣੇ ਦਾਖਲਾ ਗੇਟਾਂ ‘ਤੇ ਇਸ ਸਬੰਧੀ ਨੋਟਿਸ ਬੋਰਡ ਵੀ ਲਗਾਉਣੇ ਹੋਣਗੇ, ਤਾਂ ਜੋ ਲੋਕਾਂ ਨੂੰ ਆਪਣੇ ਹੱਕਾਂ ਬਾਰੇ ਜਾਣਕਾਰੀ ਮਿਲ ਸਕੇ।

ਜਤਿੰਦਰ ਸਿੰਘ ਸ਼ੰਟੀ ਨੇ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਦੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੁੰਦੀ ਹੈ ਤਾਂ ਉਹ ਸਬੂਤਾਂ ਸਮੇਤ ਆਪਣੀ ਲਿਖਤੀ ਸ਼ਿਕਾਇਤ ਕਮਿਸ਼ਨ ਦੇ ਵਟਸਐਪ ਹੈਲਪਲਾਈਨ ਨੰਬਰ 9855475547 ‘ਤੇ ਭੇਜ ਸਕਦਾ ਹੈ। ਉਨ੍ਹਾਂ ਦੱਸਿਆ ਕਿ ਕਮਿਸ਼ਨ ਨੂੰ ਹਰ ਰੋਜ਼ ਔਸਤਨ 500 ਦੇ ਕਰੀਬ ਸ਼ਿਕਾਇਤਾਂ ਮਿਲਦੀਆਂ ਹਨ, ਜਿਨ੍ਹਾਂ ਦਾ ਤਰਜੀਹੀ ਆਧਾਰ ‘ਤੇ ਨਿਪਟਾਰਾ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਸਮਾਜ ਦੇ ਹਰ ਵਰਗ, ਖ਼ਾਸ ਕਰਕੇ ਗਰੀਬ ਅਤੇ ਲੋੜਵੰਦ ਲੋਕਾਂ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ ਅਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਨੂੰ ਵੀ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਰਪੱਖ ਅਤੇ ਹਮਦਰਦੀ ਨਾਲ ਨਿਪਟਾਰਾ ਕਰਨ ਦੀ ਹਦਾਇਤ ਕੀਤੀ।

ਖੁੱਲ੍ਹੇ ਸੰਵਾਦ ਦੌਰਾਨ ਲੋਕਾਂ ਨੇ ਆਪਣੇ ਮਨੁੱਖੀ ਅਧਿਕਾਰਾਂ ਨਾਲ ਸਬੰਧਤ ਵੱਖ-ਵੱਖ ਮਾਮਲੇ ਕਮਿਸ਼ਨ ਦੇ ਸਾਹਮਣੇ ਰੱਖੇ, ਜਿਨ੍ਹਾਂ ‘ਤੇ ਮੌਕੇ ‘ਤੇ ਹੀ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ।

ਇਸ ਮੌਕੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਦੇਸ਼ ਭਗਤ ਯੂਨੀਵਰਸਿਟੀ ਅਤੇ ਰਿਮਟ ਯੂਨੀਵਰਸਿਟੀ ਵਿੱਚ ਜਾਗਰੂਕਤਾ ਪ੍ਰੋਗਰਾਮ ਵੀ ਕਰਵਾਇਆ ਗਿਆ। ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਉਂਦਿਆਂ ਪੰਜਾਬ ਸਰਕਾਰ ਦੀ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ ਗਈ।

ਸਮਾਗਮ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਐਸਡੀਐਮ ਅਮਲੋਹ ਹਰਵੀਰ ਕੌਰ, ਸਿਵਲ ਸਰਜਨ ਅਰਵਿੰਦ ਪਾਲ ਸਿੰਘ, ਡੀਐਸਪੀ ਅਮਲੋਹ ਬਿਕਰਮਜੀਤ ਸਿੰਘ, ਡੀਡੀਪੀਓ ਜਸਪ੍ਰੀਤ ਕੌਰ, ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਕੋਰ ਗਰੁੱਪ ਦੇ ਮੈਂਬਰ, ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਸਮਾਜਿਕ ਸੰਸਥਾਵਾਂ ਦੇ ਨੁਮਾਇੰਦੇ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।

Leave a Reply

Your email address will not be published. Required fields are marked *