BREAKING PUNJAB

Fastest Punjab & National News in Punjabi and Hindi

ਵੈਸ਼ਨੋ ਦੇਵੀ ਜਾ ਰਹੇ ਪਰਿਵਾਰ ‘ਤੇ ਖੰਨਾ ਨੇੜੇ ਕਹਿਰ, ਦੋ ਨੌਜਵਾਨਾਂ ਦੀ ਮੌਤ, ਅੱਠ ਸਾਲਾ ਬੱਚਾ ਗੰਭੀਰ ਜ਼ਖ਼ਮੀ

img 20260705 wa0000

ਖੰਨਾ: ਖੰਨਾ ਦੇ ਜੀਟੀ ਰੋਡ ‘ਤੇ ਸ਼ਨੀਵਾਰ ਤੜਕੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਜ਼ਿਲ੍ਹੇ ਦੇ ਮੁਰਾਦਨਗਰ ਤੋਂ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜਾ ਰਹੇ ਪਰਿਵਾਰ ਦੇ ਦੋ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਇੱਕ ਅੱਠ ਸਾਲਾ ਬੱਚਾ ਗੰਭੀਰ ਜ਼ਖ਼ਮੀ ਹੋ ਗਿਆ।

ਮ੍ਰਿਤਕ ਅਮਰਦੀਪ ਵਰਮਾ ਦੀ ਭੈਣ ਮੋਨਿਕਾ ਨੇ ਦੱਸਿਆ ਕਿ ਉਨ੍ਹਾਂ ਦਾ ਪਰਿਵਾਰ ਦੋ ਕਾਰਾਂ ਵਿੱਚ ਸਵਾਰ ਹੋ ਕੇ ਵੈਸ਼ਨੋ ਦੇਵੀ ਜਾ ਰਿਹਾ ਸੀ। ਉਹ ਖੁਦ ਪਰਿਵਾਰ ਦੇ ਹੋਰ ਮੈਂਬਰਾਂ ਨਾਲ ਦੂਜੀ ਕਾਰ ਵਿੱਚ ਸਫ਼ਰ ਕਰ ਰਹੀ ਸੀ। ਰਸਤੇ ਵਿੱਚ ਖੰਨਾ ਦੇ ਜੀਟੀ ਰੋਡ ‘ਤੇ ਇੱਕ ਕਾਰ ਦਾ ਟਾਇਰ ਪੰਕਚਰ ਹੋ ਗਿਆ।

ਮੋਨਿਕਾ ਮੁਤਾਬਕ ਤੜਕੇ ਕਰੀਬ ਅਮਰਦੀਪ ਵਰਮਾ (32) ਅਤੇ ਉਸ ਦਾ ਦੋਸਤ ਵਿਕੀ (25) ਕਾਰ ਦਾ ਟਾਇਰ ਬਦਲ ਰਹੇ ਸਨ। ਇਸ ਦੌਰਾਨ ਉਨ੍ਹਾਂ ਦੇ ਕੋਲ ਅੱਠ ਸਾਲ ਦਾ ਇੱਕ ਬੱਚਾ ਵੀ ਖੜ੍ਹਾ ਸੀ। ਅਚਾਨਕ ਪਿੱਛੋਂ ਤੇਜ਼ ਰਫ਼ਤਾਰ ਨਾਲ ਆਏ ਇੱਕ ਟਰੱਕ ਨੇ ਤਿੰਨਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ।

ਹਾਦਸਾ ਇੰਨਾ ਭਿਆਨਕ ਸੀ ਕਿ ਅਮਰਦੀਪ ਵਰਮਾ ਅਤੇ ਵਿਕੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਬੱਚਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।

ਹਾਦਸੇ ਦੀ ਸੂਚਨਾ ਮਿਲਣ ‘ਤੇ ਸੜਕ ਸੁਰੱਖਿਆ ਫੋਰਸ (ਐੱਸਐੱਸਐੱਫ) ਦੀ ਟੀਮ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਜ਼ਖ਼ਮੀ ਬੱਚੇ ਨੂੰ ਸਿਵਲ ਹਸਪਤਾਲ ਖੰਨਾ ਪਹੁੰਚਾਇਆ। ਮੁੱਢਲੀ ਸਹਾਇਤਾ ਤੋਂ ਬਾਅਦ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ।

ਐੱਸਐੱਸਐੱਫ ਦੀ ਟੀਮ ਨੇ ਹਾਦਸਾਗ੍ਰਸਤ ਵਾਹਨਾਂ ਨੂੰ ਜੀਟੀ ਰੋਡ ਤੋਂ ਹਟਾ ਕੇ ਆਵਾਜਾਈ ਨੂੰ ਸੁਚਾਰੂ ਬਣਾਇਆ। ਪੁਲਿਸ ਨੇ ਦੋਵੇਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਹਾਦਸੇ ਤੋਂ ਬਾਅਦ ਟਰੱਕ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਿਸ ਉਸ ਦੀ ਭਾਲ ਵਿੱਚ ਜੁਟੀ ਹੋਈ ਹੈ ਅਤੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ। ਮੁੱਢਲੀ ਜਾਂਚ ਵਿੱਚ ਤੇਜ਼ ਰਫ਼ਤਾਰ ਨੂੰ ਹਾਦਸੇ ਦਾ ਮੁੱਖ ਕਾਰਨ ਮੰਨਿਆ ਜਾ ਰਿਹਾ ਹੈ।

Leave a Reply

Your email address will not be published. Required fields are marked *