BREAKING PUNJAB

Fastest Punjab & National News in Punjabi and Hindi

ਪੰਜਾਬ ਕਾਂਗਰਸ ਦੀ ਸਿਆਸਤ ਦਰਮਿਆਨ ਰਾਜਾ ਵੜਿੰਗ ਨੇ ਸ਼ਮਸ਼ੇਰ ਸਿੰਘ ਦੂਲੋ ਨਾਲ ਕੀਤੀ ਬੰਦ ਕਮਰਾ ਮੀਟਿੰਗ

Raja warring meeting with dullo

ਖੰਨਾ: ਪੰਜਾਬ ਕਾਂਗਰਸ ਵਿੱਚ ਚੱਲ ਰਹੀਆਂ ਅੰਦਰੂਨੀ ਸਿਆਸੀ ਸਰਗਰਮੀਆਂ ਦੇ ਦਰਮਿਆਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਨੀਵਾਰ ਨੂੰ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਨਾਲ ਬੰਦ ਕਮਰਾ ਮੀਟਿੰਗ ਕੀਤੀ। ਇਹ ਮੀਟਿੰਗ ਖੰਨਾ ਦੇ ਪਿੰਡ ਕੌੜੀ ਸਥਿਤ ਦੂਲੋ ਦੀ ਫੈਕਟਰੀ ਵਿੱਚ ਕਰੀਬ 45 ਮਿੰਟ ਤੱਕ ਚੱਲੀ।

ਮੀਟਿੰਗ ਦੌਰਾਨ ਰਾਜਾ ਵੜਿੰਗ ਦੇ ਨਾਲ ਕੈਪਟਨ ਸੰਦੀਪ ਸਿੰਘ ਸੰਧੂ ਵੀ ਮੌਜੂਦ ਸਨ, ਪਰ ਬੰਦ ਕਮਰੇ ਵਿੱਚ ਹੋਈ ਚਰਚਾ ਸਿਰਫ਼ ਰਾਜਾ ਵੜਿੰਗ ਅਤੇ ਸ਼ਮਸ਼ੇਰ ਸਿੰਘ ਦੂਲੋ ਵਿਚਾਲੇ ਹੀ ਹੋਈ। ਸੂਤਰਾਂ ਮੁਤਾਬਕ ਦੋਵਾਂ ਆਗੂਆਂ ਨੇ ਪਾਰਟੀ ਦੀ ਮੌਜੂਦਾ ਸਥਿਤੀ, ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਭਵਿੱਖ ਦੀ ਰਣਨੀਤੀ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ।

ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਸ਼ਮਸ਼ੇਰ ਸਿੰਘ ਦੂਲੋ ਆਪਣੇ ਆਪ ਵਿੱਚ ਇੱਕ ਸੰਸਥਾ ਹਨ ਅਤੇ ਉਨ੍ਹਾਂ ਦੇ ਲੰਮੇ ਤਜਰਬੇ ਤੋਂ ਹਰ ਆਗੂ ਨੂੰ ਸਿੱਖਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਦੂਲੋ ਨੇ ਕਾਂਗਰਸ ਦੇ ਔਖੇ ਦੌਰ ਵਿੱਚ ਵੀ ਪਾਰਟੀ ਲਈ ਪੂਰੀ ਨਿਸ਼ਠਾ ਨਾਲ ਕੰਮ ਕੀਤਾ ਅਤੇ ਸੰਗਠਨ ਨੂੰ ਮਜ਼ਬੂਤ ਬਣਾਉਣ ਵਿੱਚ ਅਹਿਮ ਯੋਗਦਾਨ ਪਾਇਆ। ਉਨ੍ਹਾਂ ਦੱਸਿਆ ਕਿ ਉਹ ਦੂਲੋ ਦੇ ਤਜਰਬੇ ਤੋਂ ਸਿੱਖਣ ਅਤੇ ਉਨ੍ਹਾਂ ਨਾਲ ਵਿਚਾਰ ਸਾਂਝੇ ਕਰਨ ਦੇ ਉਦੇਸ਼ ਨਾਲ ਹੀ ਮਿਲਣ ਆਏ ਸਨ। ਉਨ੍ਹਾਂ ਕਿਹਾ ਕਿ ਇਹ ਮੁਲਾਕਾਤ ਬਹੁਤ ਹੀ ਸਕਾਰਾਤਮਕ ਅਤੇ ਸੁਖਾਵੇਂ ਮਾਹੌਲ ਵਿੱਚ ਹੋਈ।

ਪਾਰਟੀ ਅੰਦਰ ਚੱਲ ਰਹੇ ਮਤਭੇਦਾਂ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਰਾਜਾ ਵੜਿੰਗ ਨੇ ਕਿਹਾ ਕਿ ਜੋ ਵੀ ਮਤਭੇਦ ਹਨ, ਉਹ ਜਲਦੀ ਹੀ ਦੂਰ ਹੋ ਜਾਣਗੇ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਆਉਣ ਵਾਲੇ ਸਮੇਂ ਵਿੱਚ ਸਾਰੇ ਕਾਂਗਰਸੀ ਆਗੂ ਇੱਕ ਮੰਚ ‘ਤੇ ਨਜ਼ਰ ਆਉਣਗੇ ਅਤੇ ਪੰਜਾਬ ਦੇ ਹਿੱਤ ਵਿੱਚ ਇਕਜੁੱਟ ਹੋ ਕੇ ਕੰਮ ਕਰਨਗੇ।

ਜ਼ਿਕਰਯੋਗ ਹੈ ਕਿ ਸ਼ਮਸ਼ੇਰ ਸਿੰਘ ਦੂਲੋ ਪਾਰਟੀ ਅੰਦਰ ਆਪਣੀ ਬੇਬਾਕ ਰਾਏ ਲਈ ਜਾਣੇ ਜਾਂਦੇ ਹਨ ਅਤੇ ਉਹ ਕਈ ਮੌਕਿਆਂ ‘ਤੇ ਪਾਰਟੀ ਦੀ ਕਾਰਜਸ਼ੈਲੀ ਅਤੇ ਲੀਡਰਸ਼ਿਪ ਬਾਰੇ ਖੁੱਲ੍ਹ ਕੇ ਆਪਣੇ ਵਿਚਾਰ ਪ੍ਰਗਟ ਕਰਦੇ ਰਹੇ ਹਨ।

ਇਹ ਮੀਟਿੰਗ ਅਜਿਹੇ ਸਮੇਂ ਹੋਈ ਹੈ ਜਦੋਂ ਪੰਜਾਬ ਕਾਂਗਰਸ ਵਿੱਚ ਅੰਦਰੂਨੀ ਮਤਭੇਦਾਂ ਨੂੰ ਲੈ ਕੇ ਸਿਆਸੀ ਚਰਚਾਵਾਂ ਜਾਰੀ ਹਨ। ਹਾਲਾਂਕਿ ਮੀਟਿੰਗ ਵਿੱਚ ਕੀਤੀ ਗਈ ਚਰਚਾ ਦਾ ਅਧਿਕਾਰਤ ਵੇਰਵਾ ਸਾਹਮਣੇ ਨਹੀਂ ਆਇਆ, ਪਰ ਸਿਆਸੀ ਹਲਕਿਆਂ ਵਿੱਚ ਇਸ ਨੂੰ ਪਾਰਟੀ ਅੰਦਰ ਤਾਲਮੇਲ ਵਧਾਉਣ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੇ ਯਤਨਾਂ ਵਜੋਂ ਦੇਖਿਆ ਜਾ ਰਿਹਾ ਹੈ।

Leave a Reply

Your email address will not be published. Required fields are marked *