BREAKING PUNJAB

Fastest Punjab & National News in Punjabi and Hindi

ਫਤਹਿਗੜ੍ਹ ਸਾਹਿਬ: ਸਾਇਬਰ ਕੈਫੇ ਮਾਲਕਾਂ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ, ਗਾਹਕਾਂ ਦੀ ਪਹਿਚਾਣ ਦਾ ਰਿਕਾਰਡ ਰੱਖਣਾ ਲਾਜ਼ਮੀ

Order by Fatehgarh Sahib sona thind

ਫਤਹਿਗੜ੍ਹ ਸਾਹਿਬ: ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਚੱਲ ਰਹੇ ਸਾਰੇ ਸਾਇਬਰ ਕੈਫਿਆਂ ਲਈ ਵਿਸ਼ੇਸ਼ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਹ ਹੁਕਮ ਸਾਇਬਰ ਕੈਫਿਆਂ ਦੀ ਅਣ-ਅਧਿਕਾਰਤ ਵਰਤੋਂ ਨੂੰ ਰੋਕਣ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਮੱਦੇਨਜ਼ਰ ਜਾਰੀ ਕੀਤੇ ਗਏ ਹਨ।

ਜਾਰੀ ਹੁਕਮਾਂ ਅਨੁਸਾਰ ਸਾਇਬਰ ਕੈਫੇ ਮਾਲਕਾਂ ਨੂੰ ਆਪਣੇ ਕੈਫੇ ਵਿੱਚ ਆਉਣ ਵਾਲੇ ਹਰ ਵਿਅਕਤੀ ਦੀ ਪਹਿਚਾਣ ਦਾ ਰਿਕਾਰਡ ਰੱਖਣ ਲਈ ਇੱਕ ਰਜਿਸਟਰ ਲਗਾਉਣਾ ਹੋਵੇਗਾ। ਸੇਵਾਵਾਂ ਦੀ ਵਰਤੋਂ ਕਰਨ ਵਾਲੇ ਵਿਅਕਤੀਆਂ ਦੀ ਸ਼ਨਾਖਤ ਪਹਿਚਾਣ ਪੱਤਰ, ਵੋਟਰ ਕਾਰਡ, ਰਾਸ਼ਨ ਕਾਰਡ, ਡਰਾਈਵਿੰਗ ਲਾਇਸੈਂਸ, ਪਾਸਪੋਰਟ, ਕਰੈਡਿਟ ਕਾਰਡ ਜਾਂ ਹੋਰ ਮਾਨਤਾ ਪ੍ਰਾਪਤ ਦਸਤਾਵੇਜ਼ਾਂ ਰਾਹੀਂ ਕੀਤੀ ਜਾਵੇਗੀ।

ਹੁਕਮਾਂ ਮੁਤਾਬਕ ਸਾਇਬਰ ਕੈਫੇ ਦੀ ਵਰਤੋਂ ਕਰਨ ਵਾਲਾ ਹਰ ਵਿਅਕਤੀ ਆਪਣੇ ਹੱਥ ਨਾਲ ਰਜਿਸਟਰ ਵਿੱਚ ਆਪਣਾ ਨਾਮ, ਪਤਾ, ਟੈਲੀਫੋਨ ਨੰਬਰ ਅਤੇ ਪਹਿਚਾਣ ਸਬੰਧੀ ਵੇਰਵੇ ਦਰਜ ਕਰੇਗਾ ਅਤੇ ਹਸਤਾਖਰ ਵੀ ਕਰੇਗਾ। ਇਸ ਤੋਂ ਇਲਾਵਾ ਜੇਕਰ ਕਿਸੇ ਵਿਅਕਤੀ ਦੀ ਗਤੀਵਿਧੀ ਸ਼ੱਕੀ ਪ੍ਰਤੀਤ ਹੁੰਦੀ ਹੈ ਤਾਂ ਸਾਇਬਰ ਕੈਫੇ ਦਾ ਮਾਲਕ ਤੁਰੰਤ ਸਬੰਧਤ ਪੁਲਿਸ ਥਾਣੇ ਨੂੰ ਸੂਚਿਤ ਕਰੇਗਾ।

ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਸਾਇਬਰ ਕੈਫਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ ਅਤੇ ਈ-ਮੇਲ ਸਮੇਤ ਹੋਰ ਆਨਲਾਈਨ ਸੇਵਾਵਾਂ ਲਈ ਵੱਡੀ ਗਿਣਤੀ ਵਿੱਚ ਲੋਕ ਇਨ੍ਹਾਂ ਦੀ ਵਰਤੋਂ ਕਰਦੇ ਹਨ। ਅਜਿਹੇ ਵਿੱਚ ਕੁਝ ਗੈਰ-ਸਮਾਜਿਕ ਤੱਤ ਅਤੇ ਅਪਰਾਧੀ ਇਨ੍ਹਾਂ ਸਹੂਲਤਾਂ ਦੀ ਵਰਤੋਂ ਕਰਕੇ ਸੁਰੱਖਿਆ ਏਜੰਸੀਆਂ ਨੂੰ ਗੁੰਮਰਾਹ ਕਰਨ, ਲੋਕਾਂ ਵਿੱਚ ਡਰ ਪੈਦਾ ਕਰਨ, ਸਰਕਾਰੀ ਸੰਸਥਾਵਾਂ ਅਤੇ ਮਹੱਤਵਪੂਰਨ ਵਿਅਕਤੀਆਂ ਦੀ ਸੁਰੱਖਿਆ ਨੂੰ ਖਤਰੇ ਵਿੱਚ ਪਾਉਣ ਜਾਂ ਅੱਤਵਾਦੀ ਗਤੀਵਿਧੀਆਂ ਨੂੰ ਮਦਦ ਪਹੁੰਚਾਉਣ ਦੀ ਕੋਸ਼ਿਸ਼ ਕਰ ਸਕਦੇ ਹਨ।

ਉਨ੍ਹਾਂ ਕਿਹਾ ਕਿ ਜਨਤਕ ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਨੂੰ ਬਰਕਰਾਰ ਰੱਖਣ ਲਈ ਇਹ ਕਦਮ ਚੁੱਕੇ ਗਏ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਇਹ ਹੁਕਮ 23 ਅਗਸਤ 2026 ਤੱਕ ਲਾਗੂ ਰਹਿਣਗੇ।

Leave a Reply

Your email address will not be published. Required fields are marked *