ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਐਸ.ਆਈ.ਆਰ. ਮੁਹਿੰਮ ਤਹਿਤ ਇਨੁਮੀਰੇਸ਼ਨ ਫਾਰਮਾਂ ਦੀ ਡਿਜੀਟਾਇਜੇਸ਼ਨ 61 ਫੀਸਦੀ ਤੋਂ ਵੱਧ ਮੁਕੰਮਲ। 544 ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾ ਕੇ ਵੋਟਰਾਂ ਨੂੰ ਗਣਨਾ ਫਾਰਮ ਭਰਨ ਲਈ ਸਹਾਇਤਾ ਦਿੱਤੀ ਗਈ।
ਸਪੈਸ਼ਲ ਇੰਟੈਂਸਿਵ ਰੀਵਿਜ਼ਨ (ਐਸ.ਆਈ.ਆਰ.) ਮੁਹਿੰਮ ਤਹਿਤ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਤੇਜ਼ੀ ਨਾਲ ਜਾਰੀ ਹੈ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਇਨੁਮੀਰੇਸ਼ਨ ਫਾਰਮਾਂ ਦੀ ਡਿਜੀਟਾਇਜੇਸ਼ਨ ਦਾ ਕੰਮ 61 ਫੀਸਦੀ ਤੋਂ ਵੱਧ ਮੁਕੰਮਲ ਕੀਤਾ ਜਾ ਚੁੱਕਾ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਚੋਣ ਅਫ਼ਸਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਸਾਰੇ 544 ਪੋਲਿੰਗ ਬੂਥਾਂ ’ਤੇ ਦੋ ਦਿਨਾਂ ਵਿਸ਼ੇਸ਼ ਕੈਂਪ ਲਗਾਏ ਗਏ, ਜਿੱਥੇ ਵੋਟਰਾਂ ਨੂੰ ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ ਹਰ ਸੰਭਵ ਸਹੂਲਤ ਪ੍ਰਦਾਨ ਕੀਤੀ ਗਈ। ਕੈਂਪਾਂ ਦਾ ਉਦੇਸ਼ ਯੋਗ ਵੋਟਰਾਂ ਲਈ ਪ੍ਰਕਿਰਿਆ ਨੂੰ ਸਰਲ ਅਤੇ ਸੁਵਿਧਾਜਨਕ ਬਣਾਉਣਾ ਹੈ।
ਐਸ.ਡੀ.ਐਮ. ਬੱਸੀ ਪਠਾਣਾ ਦੀਪਜੋਤ ਕੌਰ ਨੇ ਹਲਕੇ ਦੇ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ ਕਰਕੇ ਕੈਂਪਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਬੂਥ ਲੈਵਲ ਅਫ਼ਸਰਾਂ (ਬੀਐਲਓਜ਼) ਨਾਲ ਗੱਲਬਾਤ ਕਰਦਿਆਂ ਲੋੜੀਂਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ। ਇਸੇ ਤਰ੍ਹਾਂ ਅਮਲੋਹ ਦੇ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਵਿਕਾਸ ਸ਼ਰਮਾ ਨੇ ਵੀ ਵੱਖ-ਵੱਖ ਬੂਥਾਂ ’ਤੇ ਪਹੁੰਚ ਕੇ ਕੈਂਪਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ।
ਡਾ. ਸੋਨਾ ਥਿੰਦ ਨੇ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਬੀਐਲਓਜ਼ ਪੂਰੀ ਤਨਦੇਹੀ ਨਾਲ ਆਪਣੀਆਂ ਡਿਊਟੀਆਂ ਨਿਭਾ ਰਹੇ ਹਨ ਅਤੇ ਵੋਟਰਾਂ ਨੂੰ ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਵਿੱਚ ਹਰ ਸੰਭਵ ਮਦਦ ਮੁਹੱਈਆ ਕਰਵਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸ਼ਨੀਵਾਰ ਅਤੇ ਐਤਵਾਰ ਨੂੰ ਲੱਗੇ ਵਿਸ਼ੇਸ਼ ਕੈਂਪਾਂ ਦੌਰਾਨ ਸਾਰੇ ਨਿਰਧਾਰਤ ਪੋਲਿੰਗ ਬੂਥਾਂ ’ਤੇ ਬੀਐਲਓਜ਼ ਦੀ ਹਾਜ਼ਰੀ ਯਕੀਨੀ ਬਣਾਈ ਗਈ।
ਜ਼ਿਲ੍ਹਾ ਚੋਣ ਅਫ਼ਸਰ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਨੇ ਅਜੇ ਤੱਕ ਆਪਣਾ ਗਣਨਾ ਫਾਰਮ ਨਹੀਂ ਭਰਿਆ, ਉਹ ਬਿਨਾਂ ਦੇਰੀ ਆਪਣੇ ਸਬੰਧਤ ਬੀਐਲਓ ਨਾਲ ਸੰਪਰਕ ਕਰਕੇ ਫਾਰਮ ਭਰਨ ਦੀ ਪ੍ਰਕਿਰਿਆ ਪੂਰੀ ਕਰਨ, ਤਾਂ ਜੋ ਵੋਟਰ ਸੂਚੀਆਂ ਦੀ ਸੁਧਾਈ ਦਾ ਇਹ ਮਹੱਤਵਪੂਰਨ ਕਾਰਜ ਸਮੇਂ ਸਿਰ ਮੁਕੰਮਲ ਕੀਤਾ ਜਾ ਸਕੇ।












Leave a Reply