BREAKING PUNJAB

Fastest Punjab & National News in Punjabi and Hindi

ਫਤਹਿਗੜ੍ਹ ਸਾਹਿਬ ਵਿੱਚ ਆਵਾਜ਼ ਪ੍ਰਦੂਸ਼ਣ ਰੋਕਣ ਲਈ ਸਖ਼ਤ ਹੁਕਮ ਜਾਰੀ, ਬਿਨਾਂ ਮਨਜ਼ੂਰੀ ਲਾਊਡ ਸਪੀਕਰ ਅਤੇ ਡੀਜੇ ‘ਤੇ ਪਾਬੰਦੀ

New order by Dc Fatehgarh Sahib

ਫਤਹਿਗੜ੍ਹ ਸਾਹਿਬ: ਜ਼ਿਲ੍ਹੇ ਵਿੱਚ ਆਵਾਜ਼ ਪ੍ਰਦੂਸ਼ਣ ‘ਤੇ ਕਾਬੂ ਪਾਉਣ ਲਈ ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਵਿਸ਼ੇਸ਼ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਹੁਕਮਾਂ ਅਨੁਸਾਰ ਰਾਜਨੀਤਿਕ ਰੈਲੀਆਂ, ਧਾਰਮਿਕ ਸਮਾਗਮਾਂ, ਸਮਾਜਿਕ ਪ੍ਰੋਗਰਾਮਾਂ, ਵਿਆਹ-ਸ਼ਾਦੀਆਂ ਅਤੇ ਹੋਰ ਜਨਤਕ ਸਮਾਗਮਾਂ ਦੌਰਾਨ ਲਾਊਡ ਸਪੀਕਰ, ਡੀਜੇ, ਆਰਕੈਸਟਰਾ ਅਤੇ ਹੋਰ ਸੰਗੀਤਕ ਯੰਤਰ ਬਿਨਾਂ ਲਿਖਤੀ ਮਨਜ਼ੂਰੀ ਦੇ ਨਹੀਂ ਚਲਾਏ ਜਾ ਸਕਣਗੇ।

ਹੁਕਮਾਂ ਮੁਤਾਬਕ ਲਾਊਡ ਸਪੀਕਰ ਜਾਂ ਹੋਰ ਆਵਾਜ਼ੀ ਯੰਤਰ ਚਲਾਉਣ ਲਈ ਸਬੰਧਤ ਉਪ ਮੰਡਲ ਮੈਜਿਸਟਰੇਟ ਤੋਂ ਪਹਿਲਾਂ ਮਨਜ਼ੂਰੀ ਲੈਣੀ ਲਾਜ਼ਮੀ ਹੋਵੇਗੀ। ਮਨਜ਼ੂਰੀ ਮਿਲਣ ਦੇ ਬਾਵਜੂਦ ਵੀ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਲਾਊਡ ਸਪੀਕਰ, ਡੀਜੇ ਜਾਂ ਹੋਰ ਸੰਗੀਤਕ ਯੰਤਰ ਚਲਾਉਣ ‘ਤੇ ਪੂਰੀ ਤਰ੍ਹਾਂ ਪਾਬੰਦੀ ਰਹੇਗੀ।

ਜ਼ਿਲ੍ਹਾ ਮੈਜਿਸਟਰੇਟ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਪ੍ਰੋਗਰਾਮ ਦੌਰਾਨ ਆਵਾਜ਼ ਨਿਰਧਾਰਤ ਡੈਸੀਬਲ ਸੀਮਾ ਤੋਂ ਵੱਧ ਨਹੀਂ ਹੋਣੀ ਚਾਹੀਦੀ ਅਤੇ ਇਸ ਦਾ ਪ੍ਰਭਾਵ ਸਮਾਗਮ ਵਾਲੇ ਸਥਾਨ ਦੀ ਹੱਦ ਅੰਦਰ ਹੀ ਰਹਿਣਾ ਚਾਹੀਦਾ ਹੈ। ਸਨਅਤੀ, ਵਪਾਰਕ, ਰਿਹਾਇਸ਼ੀ ਅਤੇ ਸਾਈਲੈਂਸ ਜ਼ੋਨ ਲਈ ਵੱਖ-ਵੱਖ ਆਵਾਜ਼ੀ ਮਿਆਰ ਨਿਰਧਾਰਤ ਕੀਤੇ ਗਏ ਹਨ।

ਇਸ ਦੇ ਨਾਲ ਹੀ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਉੱਚੀ ਧਮਕ ਅਤੇ ਵੱਧ ਧੂੰਆਂ ਛੱਡਣ ਵਾਲੇ ਪਟਾਕਿਆਂ ਦੇ ਨਿਰਮਾਣ, ਵਿਕਰੀ ਅਤੇ ਸਟੋਰ ਕਰਨ ‘ਤੇ ਵੀ ਪਾਬੰਦੀ ਲਗਾਈ ਗਈ ਹੈ। ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਪਟਾਕੇ ਚਲਾਉਣ ਦੀ ਵੀ ਇਜਾਜ਼ਤ ਨਹੀਂ ਹੋਵੇਗੀ।

ਹੁਕਮਾਂ ਅਨੁਸਾਰ ਪ੍ਰੈਸ਼ਰ ਹਾਰਨ ਅਤੇ ਹੋਰ ਉੱਚੀ ਆਵਾਜ਼ ਪੈਦਾ ਕਰਨ ਵਾਲੇ ਹਾਰਨਾਂ ਦੇ ਨਿਰਮਾਣ ਅਤੇ ਵਿਕਰੀ ‘ਤੇ ਵੀ ਰੋਕ ਲਗਾਈ ਗਈ ਹੈ। ਇਸ ਤੋਂ ਇਲਾਵਾ ਜਨਤਕ ਸਥਾਨਾਂ, ਹੋਟਲਾਂ, ਰੈਸਟੋਰੈਂਟਾਂ, ਮਾਲਾਂ, ਸਿਨੇਮਾਘਰਾਂ ਅਤੇ ਮੇਲਿਆਂ ਵਿੱਚ ਉੱਚੀ ਆਵਾਜ਼ ਵਾਲਾ ਸੰਗੀਤ ਅਤੇ ਅਸ਼ਲੀਲ ਗੀਤ ਚਲਾਉਣ ‘ਤੇ ਵੀ ਪਾਬੰਦੀ ਰਹੇਗੀ।

ਡਾ. ਸੋਨਾ ਥਿੰਦ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਉਪ ਮੰਡਲ ਮੈਜਿਸਟਰੇਟਾਂ ਨੂੰ ਆਪਣੇ-ਆਪਣੇ ਖੇਤਰਾਂ ਵਿੱਚ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਆਵਾਜ਼ ਪ੍ਰਦੂਸ਼ਣ ਸਬੰਧੀ ਸ਼ਿਕਾਇਤ ਮਿਲਣ ‘ਤੇ ਤੁਰੰਤ ਜਾਂਚ ਕਰਕੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਇਹ ਹੁਕਮ 23 ਅਗਸਤ 2026 ਤੱਕ ਲਾਗੂ ਰਹਿਣਗੇ, ਜਦਕਿ ਸਰਕਾਰੀ ਮਸ਼ੀਨਰੀ ਅਤੇ ਐਮਰਜੈਂਸੀ ਸੇਵਾਵਾਂ ਨੂੰ ਇਸ ਤੋਂ ਛੋਟ ਦਿੱਤੀ ਗਈ ਹੈ।

Leave a Reply

Your email address will not be published. Required fields are marked *