BREAKING PUNJAB

Fastest Punjab & National News in Punjabi and Hindi

ਫਤਹਿਗੜ੍ਹ ਸਾਹਿਬ ‘ਚ ‘ਮੇਰਾ ਯੁਵਾ ਭਾਰਤ’ ਰਜਿਸਟ੍ਰੇਸ਼ਨ ਮੁਹਿੰਮ ਨੂੰ ਤੇਜ਼ੀ, 15 ਅਗਸਤ ਤੱਕ ਚੱਲੇਗੀ ਮੁਹਿੰਮ

Program for youth in Fatehgarh Sahib

ਨੌਜਵਾਨਾਂ ਨੂੰ ਪੋਰਟਲ ਨਾਲ ਜੋੜਨ ਲਈ ਸਕੂਲਾਂ, ਕਾਲਜਾਂ ਅਤੇ ਯੂਥ ਕਲੱਬਾਂ ਰਾਹੀਂ ਚਲਾਈ ਜਾਵੇਗੀ ਵਿਸ਼ੇਸ਼ ਜਾਗਰੂਕਤਾ ਮੁਹਿੰਮ

ਫਤਹਿਗੜ੍ਹ ਸਾਹਿਬ, ਜ਼ਿਲ੍ਹੇ ਵਿੱਚ 15 ਤੋਂ 29 ਸਾਲ ਉਮਰ ਵਰਗ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ‘ਮੇਰਾ ਯੁਵਾ ਭਾਰਤ’ ਪੋਰਟਲ ਨਾਲ ਜੋੜਨ ਲਈ ਪ੍ਰਸ਼ਾਸਨ ਵੱਲੋਂ ਰਜਿਸਟ੍ਰੇਸ਼ਨ ਮੁਹਿੰਮ ਨੂੰ ਤੇਜ਼ ਕੀਤਾ ਗਿਆ ਹੈ। ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਅਮਰਬੀਰ ਕੌਰ ਭੁੱਲਰ ਦੀ ਅਗਵਾਈ ਹੇਠ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਭਾਗ ਲਿਆ।

ਮੀਟਿੰਗ ਦੌਰਾਨ ਅਮਰਬੀਰ ਕੌਰ ਭੁੱਲਰ ਨੇ ਕਿਹਾ ਕਿ 1 ਜੁਲਾਈ ਤੋਂ 15 ਅਗਸਤ 2026 ਤੱਕ ਚੱਲ ਰਹੀ ‘ਮੇਰਾ ਯੁਵਾ ਭਾਰਤ’ ਯੂਥ ਰਜਿਸਟ੍ਰੇਸ਼ਨ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ। ਉਨ੍ਹਾਂ ਕਿਹਾ ਕਿ ਨਿਰਧਾਰਤ ਟੀਚਿਆਂ ਨੂੰ ਸਮੇਂ ਸਿਰ ਪੂਰਾ ਕਰਕੇ ਫਤਹਿਗੜ੍ਹ ਸਾਹਿਬ ਨੂੰ ਦੇਸ਼ ਦੇ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੇ ਜ਼ਿਲ੍ਹਿਆਂ ਵਿੱਚ ਸ਼ਾਮਲ ਕਰਨ ਲਈ ਯਤਨ ਕੀਤੇ ਜਾਣ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਹਰ ਸਕੂਲ, ਕਾਲਜ ਅਤੇ ਉੱਚ ਵਿਦਿਅਕ ਸੰਸਥਾ ਵਿੱਚ ਨੋਡਲ ਅਫ਼ਸਰ ਅਤੇ ਕੈਂਪਸ ਬ੍ਰਾਂਡ ਐਂਬੈਸਡਰ ਨਿਯੁਕਤ ਕੀਤੇ ਜਾਣਗੇ, ਜੋ ਸੰਸਥਾ ਪੱਧਰ ‘ਤੇ ਰਜਿਸਟ੍ਰੇਸ਼ਨ ਮੁਹਿੰਮ ਨੂੰ ਅੱਗੇ ਵਧਾਉਣਗੇ। ਇਸ ਦੇ ਨਾਲ ਹੀ ਵਧੀਆ ਕਾਰਗੁਜ਼ਾਰੀ ਕਰਨ ਵਾਲੀਆਂ ਵਿਦਿਅਕ ਸੰਸਥਾਵਾਂ ਨੂੰ 15 ਅਗਸਤ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ।

ਨੌਜਵਾਨਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਲਈ ਸਕੂਲਾਂ, ਕਾਲਜਾਂ ਅਤੇ ਯੂਥ ਕਲੱਬਾਂ ਰਾਹੀਂ ਵਿਸ਼ੇਸ਼ ਜਾਗਰੂਕਤਾ ਅਭਿਆਨ ਚਲਾਇਆ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ ਨੇ ਸਕੂਲ ਸਿੱਖਿਆ, ਉੱਚ ਸਿੱਖਿਆ, ਪੰਚਾਇਤੀ ਰਾਜ, ਹੁਨਰ ਵਿਕਾਸ, ਆਈਟੀਆਈ, ਐਨਐਸਐਸ, ਐਨਸੀਸੀ ਅਤੇ ਹੋਰ ਸਬੰਧਤ ਵਿਭਾਗਾਂ ਨੂੰ ਮੁਹਿੰਮ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਲਈ ਸਰਗਰਮ ਭੂਮਿਕਾ ਨਿਭਾਉਣ ਦੇ ਨਿਰਦੇਸ਼ ਦਿੱਤੇ।

ਮੀਟਿੰਗ ਵਿੱਚ ਜ਼ਿਲ੍ਹਾ ਯੂਥ ਅਫ਼ਸਰ ਕਾਰਤਿਕ ਸਿੰਗਲਾ, ਸਹਾਇਕ ਸਿਵਲ ਸਰਜਨ ਡਾ. ਕੇ.ਡੀ. ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਦੀਦਾਰ ਸਿੰਘ ਮਾਂਗਟ, ਲੀਡ ਬੈਂਕ ਮੈਨੇਜਰ ਸੁਮਨ ਸਹੋਤਾ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Leave a Reply

Your email address will not be published. Required fields are marked *