ਖੰਨਾ: ਪੁਲਿਸ ਜ਼ਿਲ੍ਹਾ ਖੰਨਾ ਵਿੱਚ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਅਪਰਾਧਿਕ ਗਤੀਵਿਧੀਆਂ ‘ਤੇ ਰੋਕ ਲਗਾਉਣ ਲਈ ਐੱਸ.ਐੱਸ.ਪੀ. ਡਾ. ਦਰਪਣ ਆਹਲੂਵਾਲੀਆ ਨੇ ਕਾਲੀਆਂ ਫਿਲਮਾਂ, ਗੈਰ-ਕਾਨੂੰਨੀ ਜਾਲੀਆਂ, ਹੂਟਰਾਂ ਅਤੇ ਲਾਲ-ਨੀਲੀ ਬੱਤੀਆਂ ਵਾਲੇ ਵਾਹਨਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਉਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਇਹ ਨਿਯਮ ਆਮ ਲੋਕਾਂ ਦੇ ਨਾਲ-ਨਾਲ ਸਰਕਾਰੀ ਅਧਿਕਾਰੀਆਂ ਅਤੇ ਮੁਲਾਜ਼ਮਾਂ ‘ਤੇ ਵੀ ਬਰਾਬਰ ਤੌਰ ‘ਤੇ ਲਾਗੂ ਹੋਣਗੇ।
ਐੱਸ.ਐੱਸ.ਪੀ. ਡਾ. ਦਰਪਣ ਆਹਲੂਵਾਲੀਆ ਨੇ ਕਿਹਾ ਕਿ ਕਈ ਵਾਰ ਸ਼ਰਾਰਤੀ ਅਨਸਰ ਵਾਹਨਾਂ ‘ਤੇ ਕਾਲੀਆਂ ਫਿਲਮਾਂ ਅਤੇ ਜਾਲੀਆਂ ਲਗਾ ਕੇ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦਿੰਦੇ ਹਨ, ਜਿਸ ਨਾਲ ਜਾਂਚ ਏਜੰਸੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਲੋਕਾਂ ਦੀ ਸੁਰੱਖਿਆ ਵੀ ਪ੍ਰਭਾਵਿਤ ਹੁੰਦੀ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਪੂਰੇ ਜ਼ਿਲ੍ਹੇ ਵਿੱਚ ਸਖ਼ਤ ਨਿਗਰਾਨੀ ਅਤੇ ਚੈਕਿੰਗ ਦੇ ਹੁਕਮ ਦਿੱਤੇ ਗਏ ਹਨ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਾਨੂੰਨ ਸਭ ਲਈ ਇੱਕਸਾਰ ਹੈ ਅਤੇ ਕਿਸੇ ਵੀ ਸਰਕਾਰੀ ਗੱਡੀ ‘ਤੇ ਕਾਲੀ ਫਿਲਮ ਜਾਂ ਗੈਰ-ਕਾਨੂੰਨੀ ਜਾਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜੇਕਰ ਕਿਸੇ ਅਧਿਕਾਰੀ ਜਾਂ ਕਰਮਚਾਰੀ ਦੀ ਸਰਕਾਰੀ ਗੱਡੀ ਵਿੱਚ ਅਜਿਹੀ ਉਲੰਘਣਾ ਪਾਈ ਗਈ ਤਾਂ ਉਸ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਐੱਸ.ਐੱਸ.ਪੀ. ਨੇ ਸਾਰੇ ਥਾਣਾ ਮੁਖੀਆਂ ਨੂੰ ਆਪਣੇ ਖੇਤਰਾਂ ਵਿੱਚ ਮੋਬਾਈਲ ਨਾਕਾਬੰਦੀਆਂ ਕਰਕੇ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੌਰਾਨ ਕਾਲੀਆਂ ਫਿਲਮਾਂ, ਗੈਰ-ਕਾਨੂੰਨੀ ਜਾਲੀਆਂ, ਹੂਟਰਾਂ ਅਤੇ ਲਾਲ-ਨੀਲੀ ਬੱਤੀਆਂ ਵਾਲੇ ਵਾਹਨਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਮੋਟਰ ਵਹੀਕਲ ਐਕਟ ਤਹਿਤ ਕਾਰਵਾਈ ਕੀਤੀ ਜਾਵੇਗੀ। ਲੋੜ ਪੈਣ ‘ਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਨੂੰ ਜ਼ਬਤ ਵੀ ਕੀਤਾ ਜਾਵੇਗਾ।
ਪੁਲਿਸ ਵੱਲੋਂ ਚਲਾਈ ਗਈ ਮੁਹਿੰਮ ਤਹਿਤ 16 ਜੂਨ ਤੋਂ 22 ਜੂਨ ਤੱਕ ਕਾਲੀਆਂ ਫਿਲਮਾਂ ਅਤੇ ਜਾਲੀਆਂ ਲਗਾਉਣ ਵਾਲੇ 85 ਵਾਹਨਾਂ ਦੇ ਚਲਾਨ ਕੀਤੇ ਗਏ ਹਨ। ਇਸ ਤੋਂ ਇਲਾਵਾ ਪੁਲਿਸ ਵਾਹਨਾਂ ਵਾਂਗ ਲਾਲ-ਨੀਲੀ ਲਾਈਟਾਂ ਲਗਾ ਕੇ ਘੁੰਮ ਰਹੇ 4 ਵਾਹਨਾਂ ਖ਼ਿਲਾਫ਼ ਵੀ ਕਾਰਵਾਈ ਕੀਤੀ ਗਈ ਹੈ। ਐੱਸ.ਐੱਸ.ਪੀ. ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਇਹ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ।
ਉਨ੍ਹਾਂ ਦੇ ਇਸ ਫੈਸਲੇ ਨੂੰ ਲੋਕਾਂ ਅਤੇ ਸਮਾਜਿਕ ਜਥੇਬੰਦੀਆਂ ਵੱਲੋਂ ਭਰਪੂਰ ਸਮਰਥਨ ਮਿਲ ਰਿਹਾ ਹੈ। ਲੋਕਾਂ ਦਾ ਮੰਨਣਾ ਹੈ ਕਿ ਅਜਿਹੀਆਂ ਮੁਹਿੰਮਾਂ ਨਾਲ ਅਪਰਾਧਿਕ ਤੱਤਾਂ ‘ਤੇ ਨਕੇਲ ਕੱਸਣ ਵਿੱਚ ਮਦਦ ਮਿਲੇਗੀ ਅਤੇ ਆਮ ਲੋਕ ਆਪਣੇ ਆਪ ਨੂੰ ਵਧੇਰੇ ਸੁਰੱਖਿਅਤ ਮਹਿਸੂਸ ਕਰਨਗੇ।
ਐੱਸ.ਐੱਸ.ਪੀ. ਡਾ. ਦਰਪਣ ਆਹਲੂਵਾਲੀਆ ਨੇ ਕਿਹਾ ਕਿ ਕਾਨੂੰਨ ਦੇ ਰਾਜ ਨੂੰ ਮਜ਼ਬੂਤ ਬਣਾਉਣ ਅਤੇ ਟਰੈਫਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦਾ ਇਹ ਕਦਮ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਅਹਿਮ ਪਹਿਲ ਮੰਨੀ ਜਾ ਰਹੀ ਹੈ।












Leave a Reply