BREAKING PUNJAB

Fastest Punjab & National News in Punjabi and Hindi

ਲੁਧਿਆਣਾ ‘ਚ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕਰਵਾਏ ਸਹੁੰ ਚੁੱਕ ਸਮਾਗਮ

Awareness against drug's in ludhiana

ਲੁਧਿਆਣਾ: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਨਾਲਸਾ ਦੀ ‘ਡਰੱਗ ਅਵੇਅਰਨੈਸ ਐਂਡ ਵੈਲਨੈੱਸ ਨੈਵੀਗੇਸ਼ਨ–ਇੱਕ ਨਸ਼ਾ ਮੁਕਤ ਭਾਰਤ’ ਸਕੀਮ ਅਧੀਨ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ ‘ਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਅਤੇ ਨਸ਼ਾ ਮੁਕਤੀ ਸਹੁੰ ਚੁੱਕ ਸਮਾਗਮ ਕਰਵਾਏ ਗਏ।

ਸੈਮੀਨਾਰਾਂ ਦੌਰਾਨ ਭਾਗੀਦਾਰਾਂ ਨੂੰ ਨਸ਼ਿਆਂ ਦੇ ਸਰੀਰਕ, ਮਾਨਸਿਕ, ਸਮਾਜਿਕ ਅਤੇ ਆਰਥਿਕ ਮਾੜੇ ਪ੍ਰਭਾਵਾਂ, ਨਸ਼ਾ ਰੋਕਥਾਮ, ਇਲਾਜ ਅਤੇ ਪੁਨਰਵਾਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਕਾਨੂੰਨੀ ਸੇਵਾਵਾਂ ਅਥਾਰਟੀਆਂ ਐਕਟ, 1987 ਤਹਿਤ ਉਪਲਬਧ ਮੁਫ਼ਤ ਕਾਨੂੰਨੀ ਸਹਾਇਤਾ, ਲੋਕ ਅਦਾਲਤਾਂ ਅਤੇ ਹੋਰ ਕਾਨੂੰਨੀ ਸੇਵਾਵਾਂ ਬਾਰੇ ਵੀ ਜਾਣੂ ਕਰਵਾਇਆ ਗਿਆ। ਅਥਾਰਟੀ ਨੇ ਦੱਸਿਆ ਕਿ ਯੋਗ ਵਿਅਕਤੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰਾਹੀਂ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦੇ ਹਨ।

ਇਸ ਮੌਕੇ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ, ਜ਼ਨਾਨਾ ਜੇਲ੍ਹ ਅਤੇ ਆਬਜ਼ਰਵੇਸ਼ਨ ਹੋਮ ਵਿੱਚ ਮੌਜੂਦ ਬੰਦੀਆਂ ਨੂੰ ਨਸ਼ਾ ਮੁਕਤੀ ਦੀ ਸਹੁੰ ਵੀ ਚੁਕਾਈ ਗਈ। ਭਾਗੀਦਾਰਾਂ ਨੇ ਨਸ਼ਿਆਂ ਤੋਂ ਦੂਰ ਰਹਿਣ, ਆਪਣੇ ਪਰਿਵਾਰ ਅਤੇ ਸਮਾਜ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਅਤੇ ਨਸ਼ਾ-ਮੁਕਤ ਪੰਜਾਬ ਤੇ ਨਸ਼ਾ-ਮੁਕਤ ਭਾਰਤ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਉਣ ਦਾ ਸੰਕਲਪ ਲਿਆ।

ਇਸ ਤੋਂ ਇਲਾਵਾ ਜੀ.ਐੱਚ.ਜੀ. ਸਿਧਵਾਂ ਖੁਰਦ, ਲੁਧਿਆਣਾ ਦੇ ਵਿਦਿਆਰਥੀਆਂ ਲਈ ਇੱਕ ਵੈਬੀਨਾਰ ਵੀ ਕਰਵਾਇਆ ਗਿਆ, ਜਿਸ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ। ਪੈਰਾ-ਲੀਗਲ ਵਲੰਟੀਅਰਾਂ ਵੱਲੋਂ ਵੱਖ-ਵੱਖ ਥਾਵਾਂ ‘ਤੇ ਇਸ ਸਕੀਮ ਸਬੰਧੀ ਜਾਗਰੂਕਤਾ ਵੀਡੀਓ ਵੀ ਚਲਾਈਆਂ ਗਈਆਂ।

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਰਗਰਮ ਭਾਗੀਦਾਰੀ ਨਿਭਾਉਣ, ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਸਿਹਤਮੰਦ, ਸੁਰੱਖਿਅਤ ਤੇ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਲਈ ਆਪਣਾ ਯੋਗਦਾਨ ਪਾਉਣ।

Leave a Reply

Your email address will not be published. Required fields are marked *