ਕਬਰਸਤਾਨਾਂ ਦੀਆਂ ਥਾਵਾਂ ਦਾ ਦਾਇਰਾ ਵਧਾਉਣ ਅਤੇ ਮੁੱਢਲੀਆਂ ਸਹੂਲਤਾਂ ਯਕੀਨੀ ਬਣਾਉਣ ਦੇ ਨਿਰਦੇਸ਼
ਫਤਹਿਗੜ੍ਹ ਸਾਹਿਬ: ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਜਤਿੰਦਰ ਮਸੀਹ ਗੌਰਵ ਨੇ ਸਥਾਨਕ ਬੱਚਤ ਭਵਨ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਘੱਟ ਗਿਣਤੀ ਭਾਈਚਾਰੇ ਨਾਲ ਸਬੰਧਤ ਮਸਲਿਆਂ ਦੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਘੱਟ ਗਿਣਤੀ ਭਾਈਚਾਰੇ ਦੀਆਂ ਸਮੱਸਿਆਵਾਂ ਦਾ ਤਰਜੀਹ ਦੇ ਆਧਾਰ ‘ਤੇ ਹੱਲ ਕਰਨਾ ਕਮਿਸ਼ਨ ਦੀ ਵਚਨਬੱਧਤਾ ਹੈ।
ਮੀਟਿੰਗ ਦੌਰਾਨ ਉਨ੍ਹਾਂ ਈਸਾਈ ਅਤੇ ਮੁਸਲਿਮ ਭਾਈਚਾਰੇ ਨੂੰ ਮ੍ਰਿਤਕਾਂ ਦੇ ਦਫ਼ਨ ਨਾਲ ਸਬੰਧਤ ਆ ਰਹੀਆਂ ਮੁਸ਼ਕਲਾਂ ਦਾ ਜ਼ਿਕਰ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਕਬਰਸਤਾਨਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਕਿਹਾ ਕਿ ਜਿੱਥੇ ਕਬਰਸਤਾਨਾਂ ਦੀ ਜ਼ਮੀਨ ‘ਤੇ ਨਾਜਾਇਜ਼ ਕਬਜ਼ੇ ਹਨ, ਉੱਥੇ ਤੁਰੰਤ ਕਾਰਵਾਈ ਕੀਤੀ ਜਾਵੇ ਅਤੇ ਸਾਫ਼-ਸਫ਼ਾਈ, ਪੀਣ ਵਾਲੇ ਪਾਣੀ ਸਮੇਤ ਹੋਰ ਲੋੜੀਂਦੀਆਂ ਸਹੂਲਤਾਂ ਯਕੀਨੀ ਬਣਾਈਆਂ ਜਾਣ।
ਚੇਅਰਮੈਨ ਨੇ ਕਿਹਾ ਕਿ ਜਿਨ੍ਹਾਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਕਬਰਸਤਾਨ ਲਈ ਢੁੱਕਵੀਂ ਥਾਂ ਨਹੀਂ ਹੈ, ਉੱਥੇ ਨਵੀਆਂ ਥਾਵਾਂ ਦੀ ਪਛਾਣ ਕਰਕੇ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਭਵਿੱਖ ਵਿੱਚ ਕਿਸੇ ਵੀ ਪਰਿਵਾਰ ਨੂੰ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਨਗਰ ਕੌਂਸਲਾਂ ਦੇ ਕਾਰਜ ਸਾਧਕ ਅਫ਼ਸਰਾਂ ਅਤੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ ਨੂੰ ਘੱਟ ਗਿਣਤੀ ਭਾਈਚਾਰੇ ਦੇ ਸਾਂਝੇ ਸਮਾਗਮਾਂ ਲਈ ਕਮਿਊਨਿਟੀ ਸੈਂਟਰਾਂ ਅਤੇ ਧਰਮਸ਼ਾਲਾਵਾਂ ਵਾਸਤੇ ਜ਼ਮੀਨ ਅਲਾਟ ਕਰਨ ਲਈ ਵੀ ਯਤਨ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਹਰ ਵਿਅਕਤੀ ਨੂੰ ਆਪਣੇ ਧਰਮ ਦਾ ਪ੍ਰਚਾਰ ਕਰਨ ਦਾ ਅਧਿਕਾਰ ਹੈ, ਪਰ ਧਰਮ ਦੇ ਨਾਂ ‘ਤੇ ਆਪਸੀ ਭਾਈਚਾਰਕ ਸਾਂਝ ਨੂੰ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਜਤਿੰਦਰ ਮਸੀਹ ਗੌਰਵ ਨੇ ਪੁਲਿਸ ਪ੍ਰਸ਼ਾਸਨ ਨੂੰ ਵੀ ਹਦਾਇਤ ਕੀਤੀ ਕਿ ਜੇਕਰ ਕੋਈ ਸ਼ਰਾਰਤੀ ਅਨਸਰ ਧਰਮ ਦੇ ਨਾਂ ‘ਤੇ ਘੱਟ ਗਿਣਤੀ ਭਾਈਚਾਰੇ ਨੂੰ ਤੰਗ-ਪਰੇਸ਼ਾਨ ਕਰਦਾ ਹੈ ਤਾਂ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਮਰਬੀਰ ਕੌਰ ਭੁੱਲਰ ਨੇ ਭਰੋਸਾ ਦਿਵਾਇਆ ਕਿ ਮੀਟਿੰਗ ਵਿੱਚ ਉਠਾਏ ਗਏ ਸਾਰੇ ਮਸਲਿਆਂ ਦਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਲਦ ਹੱਲ ਕੀਤਾ ਜਾਵੇਗਾ ਅਤੇ ਘੱਟ ਗਿਣਤੀ ਭਾਈਚਾਰੇ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਤੋਂ ਪਹਿਲਾਂ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਜਤਿੰਦਰ ਮਸੀਹ ਗੌਰਵ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗਾਰਡ ਆਫ਼ ਆਨਰ ਵੀ ਦਿੱਤਾ ਗਿਆ। ਮੀਟਿੰਗ ਵਿੱਚ ਐਸ.ਪੀ. ਹਰਵੰਤ ਕੌਰ, ਐਸ.ਡੀ.ਐਮ. ਖਮਾਣੋਂ ਅਰਵਿੰਦ ਕੁਮਾਰ ਗੁਪਤਾ, ਐਸ.ਡੀ.ਐਮ. ਬੱਸੀ ਪਠਾਣਾ ਦੀਪਜੋਤ ਕੌਰ, ਐਸ.ਡੀ.ਐਮ. ਅਮਲੋਹ ਹਰਵੀਰ ਕੌਰ, ਜ਼ਿਲ੍ਹਾ ਸਮਾਜਿਕ ਨਿਆਂ ਅਧਿਕਾਰਤਾ ਅਫ਼ਸਰ ਮੁਕਲ ਬਾਵਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਘੱਟ ਗਿਣਤੀ ਭਾਈਚਾਰੇ ਦੇ ਨੁਮਾਇੰਦੇ ਹਾਜ਼ਰ ਸਨ।












Leave a Reply