ਖੇਮਕਰਨ: ਹਲਕਾ ਖੇਮਕਰਨ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਰਪੰਚ ਹਰਦੇਵ ਸਿੰਘ ਮਾਹਲਾ ਨੇ ਕਾਂਗਰਸ ਹਾਈਕਮਾਨ ਨੂੰ ਅਪੀਲ ਕੀਤੀ ਹੈ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਚਰਨਜੀਤ ਸਿੰਘ ਚੰਨੀ ਨੂੰ ਪਹਿਲਾਂ ਹੀ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਐਲਾਨਿਆ ਜਾਵੇ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਦੇਵ ਮਾਹਲਾ ਨੇ ਕਿਹਾ ਕਿ ਜੇਕਰ ਪੰਜਾਬ ਨੂੰ ਮੌਜੂਦਾ ਚੁਣੌਤੀਆਂ ਵਿੱਚੋਂ ਬਾਹਰ ਕੱਢ ਕੇ ਮੁੜ ਤਰੱਕੀ ਅਤੇ ਖੁਸ਼ਹਾਲੀ ਦੇ ਰਾਹ ‘ਤੇ ਲਿਆਉਣਾ ਹੈ ਅਤੇ ਕਾਂਗਰਸ ਨੂੰ ਸੱਤਾ ਵਿੱਚ ਵਾਪਸ ਲਿਆਉਣਾ ਹੈ ਤਾਂ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਸਭ ਤੋਂ ਉਚਿਤ ਰਹੇਗੀ।
ਉਨ੍ਹਾਂ ਦਾਅਵਾ ਕੀਤਾ ਕਿ ਵੱਖ-ਵੱਖ ਸਰਵੇਖਣਾਂ ਵਿੱਚ ਚਰਨਜੀਤ ਸਿੰਘ ਚੰਨੀ ਨੂੰ ਲੋਕਾਂ ਦਾ ਸਭ ਤੋਂ ਵੱਧ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਦੇ ਅਨੁਸਾਰ ਚੰਨੀ ਅਜਿਹਾ ਚਿਹਰਾ ਹਨ, ਜਿਨ੍ਹਾਂ ਨੂੰ ਹਰ ਵਰਗ ਦੇ ਲੋਕਾਂ ਦਾ ਸਮਰਥਨ ਪ੍ਰਾਪਤ ਹੈ ਅਤੇ ਉਹ ਕਾਂਗਰਸ ਨੂੰ ਮੁੜ ਸੱਤਾ ਵਿੱਚ ਲਿਆਉਣ ਦੀ ਸਮਰੱਥਾ ਰੱਖਦੇ ਹਨ।
ਹਰਦੇਵ ਮਾਹਲਾ ਨੇ ਕਿਹਾ ਕਿ ਪੰਜਾਬ ਦੇ ਲੋਕ ਮਹਿੰਗਾਈ, ਬੇਰੁਜ਼ਗਾਰੀ, ਨਸ਼ਿਆਂ ਅਤੇ ਕਾਨੂੰਨ-ਵਿਵਸਥਾ ਵਰਗੀਆਂ ਸਮੱਸਿਆਵਾਂ ਨਾਲ ਜੂਝ ਰਹੇ ਹਨ। ਅਜਿਹੇ ਸਮੇਂ ਲੋਕ ਇੱਕ ਤਜਰਬੇਕਾਰ, ਸਾਦਗੀਪਸੰਦ ਅਤੇ ਲੋਕਾਂ ਨਾਲ ਜੁੜੇ ਹੋਏ ਆਗੂ ਦੀ ਉਮੀਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਆਪਣੇ ਮੁੱਖ ਮੰਤਰੀ ਕਾਰਜਕਾਲ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਆਮ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਿਆ, ਜਿਸ ਕਾਰਨ ਅੱਜ ਵੀ ਲੋਕਾਂ ਵਿੱਚ ਉਨ੍ਹਾਂ ਪ੍ਰਤੀ ਭਰੋਸਾ ਕਾਇਮ ਹੈ।
ਮਾਹਲਾ ਨੇ ਕਿਹਾ ਕਿ ਜੇਕਰ ਕਾਂਗਰਸ ਹਾਈਕਮਾਨ ਸਮੇਂ ਸਿਰ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨ ਕਰ ਦਿੰਦੀ ਹੈ ਤਾਂ ਇਸ ਨਾਲ ਪਾਰਟੀ ਵਰਕਰਾਂ ਵਿੱਚ ਨਵਾਂ ਉਤਸ਼ਾਹ ਪੈਦਾ ਹੋਵੇਗਾ ਅਤੇ ਸੂਬੇ ਭਰ ਵਿੱਚ ਕਾਂਗਰਸ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਨਾਲ ਪਾਰਟੀ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਰਾਜਨੀਤਿਕ ਲਾਭ ਮਿਲ ਸਕਦਾ ਹੈ।
ਉਨ੍ਹਾਂ ਹਾਈਕਮਾਨ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਅਜਿਹਾ ਫ਼ੈਸਲਾ ਲਿਆ ਜਾਵੇ, ਜੋ ਪਾਰਟੀ ਅਤੇ ਸੂਬੇ ਦੋਵਾਂ ਦੇ ਹਿੱਤ ਵਿੱਚ ਹੋਵੇ। ਹਰਦੇਵ ਮਾਹਲਾ ਨੇ ਵਿਸ਼ਵਾਸ ਜਤਾਇਆ ਕਿ ਜੇਕਰ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਕਾਂਗਰਸ ਚੋਣ ਮੈਦਾਨ ਵਿੱਚ ਉਤਰਦੀ ਹੈ ਤਾਂ ਪਾਰਟੀ 2027 ਵਿੱਚ ਪੂਰੇ ਬਹੁਮਤ ਨਾਲ ਸਰਕਾਰ ਬਣਾਉਣ ਵਿੱਚ ਸਫ਼ਲ ਹੋ ਸਕਦੀ ਹੈ।












Leave a Reply