ਫਤਹਿਗੜ੍ਹ ਸਾਹਿਬ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਦੀ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੀ ਪਹਿਲੀ ਕਿਸ਼ਤ 1 ਜੁਲਾਈ ਨੂੰ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਜਮ੍ਹਾਂ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਮੌਕੇ ਤਿੰਨ ਮਹੀਨਿਆਂ ਦੀ ਸਤਿਕਾਰ ਰਾਸ਼ੀ ਇਕੱਠੀ ਭੇਜੀ ਜਾਵੇਗੀ।
ਫਤਹਿਗੜ੍ਹ ਸਾਹਿਬ ਹਲਕੇ ਦੇ ਪਿੰਡ ਚਨਾਰਥਲ ਕਲਾਂ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਮੌਕੇ ਕਰਵਾਈ ਗਈ ‘ਲੋਕ ਮਿਲਣੀ’ ਦੌਰਾਨ ਮੁੱਖ ਮੰਤਰੀ ਨੇ ਦੱਸਿਆ ਕਿ ਯੋਜਨਾ ਤਹਿਤ ਆਮ ਵਰਗ ਦੀਆਂ ਮਹਿਲਾਵਾਂ ਨੂੰ 1,000 ਰੁਪਏ ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ ਨਾਲ ਸਬੰਧਤ ਮਹਿਲਾਵਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ। ਇਸ ਅਨੁਸਾਰ ਪਹਿਲੀ ਕਿਸ਼ਤ ਵਿੱਚ ਆਮ ਵਰਗ ਦੀਆਂ ਮਹਿਲਾਵਾਂ ਨੂੰ 3,000 ਰੁਪਏ ਅਤੇ ਅਨੁਸੂਚਿਤ ਜਾਤੀ ਦੀਆਂ ਮਹਿਲਾਵਾਂ ਨੂੰ 4,500 ਰੁਪਏ ਮਿਲਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਰਕਮ ਬਿਨਾਂ ਕਿਸੇ ਵਿਚੋਲੇ ਦੇ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 18 ਸਾਲ ਤੋਂ ਵੱਧ ਉਮਰ ਦੀਆਂ ਲਗਭਗ 97 ਫੀਸਦੀ ਪੰਜਾਬੀ ਮਹਿਲਾਵਾਂ ਇਸ ਯੋਜਨਾ ਦਾ ਲਾਭ ਲੈ ਸਕਣਗੀਆਂ। ਇਸ ਯੋਜਨਾ ਲਈ ਸਰਕਾਰ ਵੱਲੋਂ ਕਰੀਬ 9,300 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।
ਭਗਵੰਤ ਮਾਨ ਨੇ ਕਿਹਾ ਕਿ ਇਹ ਯੋਜਨਾ ਸਿਰਫ਼ ਵਿੱਤੀ ਸਹਾਇਤਾ ਨਹੀਂ, ਸਗੋਂ ਮਹਿਲਾਵਾਂ ਦੇ ਸਨਮਾਨ, ਆਤਮ-ਵਿਸ਼ਵਾਸ ਅਤੇ ਆਰਥਿਕ ਖੁਦਮੁਖਤਿਆਰੀ ਨੂੰ ਮਜ਼ਬੂਤ ਕਰਨ ਵੱਲ ਇਕ ਵੱਡਾ ਕਦਮ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਰਹੇਗੀ, ਮਾਵਾਂ-ਭੈਣਾਂ ਨੂੰ ਇਹ ਸਤਿਕਾਰ ਰਾਸ਼ੀ ਨਿਰੰਤਰ ਮਿਲਦੀ ਰਹੇਗੀ।
ਇਸ ਮੌਕੇ ਮੁੱਖ ਮੰਤਰੀ ਨੇ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਐਸ.ਆਈ.ਆਰ. ਪ੍ਰਕਿਰਿਆ ਦਾ ਵੀ ਜ਼ਿਕਰ ਕੀਤਾ ਅਤੇ ਕਿਹਾ ਕਿ ਪੰਜਾਬ ਸਰਕਾਰ ਕਿਸੇ ਵੀ ਅਸਲੀ ਵੋਟਰ ਦੀ ਵੋਟ ਕੱਟਣ ਨਹੀਂ ਦੇਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਲੋਕਤੰਤਰਿਕ ਹੱਕਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਚੌਕਸ ਹੈ।
ਮੁੱਖ ਮੰਤਰੀ ਨੇ ਆਪਣੀ ਸਰਕਾਰ ਦੀਆਂ ਹੋਰ ਭਲਾਈ ਯੋਜਨਾਵਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਪੰਜਾਬ ਦੇ 90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਸੂਬੇ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ।












Leave a Reply