ਪਾਇਲ, ਪਾਇਲ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੇ ਨਾਂ ‘ਤੇ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਫਰਜ਼ੀ ਫੇਸਬੁੱਕ ਅਕਾਊਂਟ ਬਣਾ ਕੇ ਲੋਕਾਂ ਨਾਲ ਠੱਗੀ ਕਰਨ ਦੀ ਕੋਸ਼ਿਸ਼ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਉਕਤ ਫਰਜ਼ੀ ਅਕਾਊਂਟ ਤੋਂ ਲੋਕਾਂ ਨੂੰ ਸੁਨੇਹੇ ਭੇਜ ਕੇ ਐਮਰਜੈਂਸੀ ਦਾ ਹਵਾਲਾ ਦਿੰਦਿਆਂ ਪੈਸਿਆਂ ਦੀ ਮੰਗ ਕੀਤੀ ਜਾ ਰਹੀ ਹੈ।
ਮਾਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਲੋਕਾਂ ਨੂੰ ਅਜਿਹੇ ਫਰਜ਼ੀ ਸੁਨੇਹਿਆਂ ਤੋਂ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਦਾ ਇਸ ਫਰਜ਼ੀ ਅਕਾਊਂਟ ਨਾਲ ਕੋਈ ਸੰਬੰਧ ਨਹੀਂ ਹੈ ਅਤੇ ਨਾ ਹੀ ਉਹ ਕਿਸੇ ਵਿਅਕਤੀ ਤੋਂ ਸੋਸ਼ਲ ਮੀਡੀਆ ਰਾਹੀਂ ਪੈਸਿਆਂ ਦੀ ਮੰਗ ਕਰਦੇ ਹਨ।
ਵਿਧਾਇਕ ਨੇ ਕਿਹਾ ਕਿ ਜੇਕਰ ਕਿਸੇ ਨੂੰ ਉਨ੍ਹਾਂ ਦੇ ਨਾਂ ‘ਤੇ ਕੋਈ ਸੁਨੇਹਾ ਜਾਂ ਕਾਲ ਪ੍ਰਾਪਤ ਹੁੰਦੀ ਹੈ, ਜਿਸ ਵਿੱਚ ਪੈਸਿਆਂ ਦੀ ਮੰਗ ਕੀਤੀ ਜਾਂਦੀ ਹੈ, ਤਾਂ ਉਹ ਤੁਰੰਤ ਸਚੇਤ ਹੋ ਜਾਣ ਅਤੇ ਕਿਸੇ ਵੀ ਸਥਿਤੀ ਵਿੱਚ ਪੈਸੇ ਨਾ ਭੇਜਣ। ਉਨ੍ਹਾਂ ਕਿਹਾ ਕਿ ਅਜਿਹੇ ਮਾਮਲਿਆਂ ਵਿੱਚ ਪਹਿਲਾਂ ਸੱਚਾਈ ਦੀ ਪੁਸ਼ਟੀ ਕਰਨੀ ਬਹੁਤ ਜ਼ਰੂਰੀ ਹੈ।
ਮਨਵਿੰਦਰ ਸਿੰਘ ਗਿਆਸਪੁਰਾ ਨੇ ਪੁਲਿਸ ਪ੍ਰਸ਼ਾਸਨ ਨੂੰ ਵੀ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਫਰਜ਼ੀ ਸੋਸ਼ਲ ਮੀਡੀਆ ਅਕਾਊਂਟ ਬਣਾ ਕੇ ਲੋਕਾਂ ਨਾਲ ਧੋਖਾਧੜੀ ਕਰਨ ਵਾਲੇ ਵਿਅਕਤੀ ਦੀ ਪਛਾਣ ਕਰਕੇ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ, ਤਾਂ ਜੋ ਭਵਿੱਖ ਵਿੱਚ ਕੋਈ ਹੋਰ ਵਿਅਕਤੀ ਅਜਿਹੀ ਠੱਗੀ ਦਾ ਸ਼ਿਕਾਰ ਨਾ ਬਣੇ।












Leave a Reply