BREAKING PUNJAB

Fastest Punjab & National News in Punjabi and Hindi

ਪੀ.ਐਮ. ਕਿਸਾਨ ਯੋਜਨਾ ਦੀ ਅਗਲੀ ਕਿਸ਼ਤ ਲਈ 20 ਜੂਨ ਤੱਕ ਈ-ਕੇਵਾਈਸੀ ਅਤੇ ਜ਼ਮੀਨ ਦੀ ਤਸਦੀਕ ਕਰਵਾਉਣਾ ਲਾਜ਼ਮੀ

Kissan nidhi program

ਫਤਹਿਗੜ੍ਹ ਸਾਹਿਬ, ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (ਪੀ.ਐਮ. ਕਿਸਾਨ) ਯੋਜਨਾ ਤਹਿਤ ਲਾਭ ਲੈ ਰਹੇ ਉਹ ਕਿਸਾਨ, ਜਿਨ੍ਹਾਂ ਨੇ ਅਜੇ ਤੱਕ ਆਪਣੀ ਈ-ਕੇਵਾਈਸੀ ਅਤੇ ਜ਼ਮੀਨ ਦੀ ਤਸਦੀਕ ਦੀ ਪ੍ਰਕਿਰਿਆ ਪੂਰੀ ਨਹੀਂ ਕੀਤੀ, ਉਹ 20 ਜੂਨ ਤੱਕ ਇਹ ਕਾਰਵਾਈ ਹਰ ਹਾਲਤ ਵਿੱਚ ਮੁਕੰਮਲ ਕਰਵਾ ਲੈਣ। ਨਹੀਂ ਤਾਂ ਉਨ੍ਹਾਂ ਨੂੰ ਯੋਜਨਾ ਦੀ ਅਗਲੀ ਕਿਸ਼ਤ ਪ੍ਰਾਪਤ ਕਰਨ ਵਿੱਚ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਇਹ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਦੇਵ ਸਿੰਘ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਪੀ.ਐਮ. ਕਿਸਾਨ ਯੋਜਨਾ ਦੇ ਸਾਰੇ ਲਾਭਪਾਤਰੀਆਂ ਲਈ ਈ-ਕੇਵਾਈਸੀ ਅਤੇ ਜ਼ਮੀਨ ਦੀ ਤਸਦੀਕ ਕਰਵਾਉਣਾ ਲਾਜ਼ਮੀ ਕੀਤਾ ਗਿਆ ਹੈ। ਇਸ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਯੋਜਨਾ ਦਾ ਲਾਭ ਸਿਰਫ਼ ਯੋਗ ਅਤੇ ਅਸਲ ਕਿਸਾਨਾਂ ਤੱਕ ਹੀ ਪਹੁੰਚੇ।

ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨ ਨਿਰਧਾਰਿਤ ਸਮੇਂ ਅੰਦਰ ਇਹ ਪ੍ਰਕਿਰਿਆ ਪੂਰੀ ਨਹੀਂ ਕਰਵਾਉਣਗੇ, ਉਨ੍ਹਾਂ ਦੀ ਅਗਲੀ ਕਿਸ਼ਤ ਰੁਕ ਸਕਦੀ ਹੈ ਜਾਂ ਭੁਗਤਾਨ ਵਿੱਚ ਦੇਰੀ ਹੋ ਸਕਦੀ ਹੈ।

ਡਾ. ਜਗਦੇਵ ਸਿੰਘ ਨੇ ਦੱਸਿਆ ਕਿ ਕਿਸਾਨ ਆਪਣੇ ਨੇੜਲੇ ਕਾਮਨ ਸਰਵਿਸ ਸੈਂਟਰ (ਸੀ.ਐਸ.ਸੀ.) ਜਾਂ ਖੇਤੀਬਾੜੀ ਵਿਭਾਗ ਦੇ ਦਫ਼ਤਰ ਨਾਲ ਸੰਪਰਕ ਕਰਕੇ ਈ-ਕੇਵਾਈਸੀ ਅਤੇ ਜ਼ਮੀਨ ਦੀ ਤਸਦੀਕ ਦੀ ਪ੍ਰਕਿਰਿਆ ਆਸਾਨੀ ਨਾਲ ਪੂਰੀ ਕਰਵਾ ਸਕਦੇ ਹਨ। ਇਸ ਤੋਂ ਇਲਾਵਾ ਕਿਸਾਨ ਪੀ.ਐਮ. ਕਿਸਾਨ ਪੋਰਟਲ ‘ਤੇ ਜਾ ਕੇ ਆਪਣੀ ਅਰਜ਼ੀ ਅਤੇ ਭੁਗਤਾਨ ਸਬੰਧੀ ਸਥਿਤੀ ਦੀ ਜਾਂਚ ਵੀ ਕਰ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਦੀ ਸਹੂਲਤ ਲਈ ਲੋੜੀਂਦੀ ਜਾਣਕਾਰੀ ਅਤੇ ਮਾਰਗਦਰਸ਼ਨ ਮੁਹੱਈਆ ਕਰਵਾਇਆ ਜਾ ਰਿਹਾ ਹੈ। ਕਿਸਾਨ ਕਿਸੇ ਵੀ ਤਕਨੀਕੀ ਜਾਂ ਪ੍ਰਕਿਰਿਆਤਮਕ ਸਮੱਸਿਆ ਦੇ ਹੱਲ ਲਈ ਆਪਣੇ ਨਜ਼ਦੀਕੀ ਖੇਤੀਬਾੜੀ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ।

ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਖਰੀ ਮਿਤੀ ਦੀ ਉਡੀਕ ਕਰਨ ਦੀ ਬਜਾਏ ਜਲਦੀ ਤੋਂ ਜਲਦੀ ਆਪਣੀ ਈ-ਕੇਵਾਈਸੀ ਅਤੇ ਜ਼ਮੀਨ ਦੀ ਤਸਦੀਕ ਕਰਵਾਉਣ ਤਾਂ ਜੋ ਕਿਸੇ ਵੀ ਅਸੁਵਿਧਾ ਤੋਂ ਬਚਿਆ ਜਾ ਸਕੇ ਅਤੇ ਯੋਜਨਾ ਦੀ ਅਗਲੀ ਕਿਸ਼ਤ ਸਮੇਂ ਸਿਰ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਪ੍ਰਾਪਤ ਹੋ ਸਕੇ।

Leave a Reply

Your email address will not be published. Required fields are marked *