BREAKING PUNJAB

Fastest Punjab & National News in Punjabi and Hindi

ਨਗਰ ਕੌਂਸਲ ਸਰਹਿੰਦ-ਫਤਹਿਗੜ੍ਹ ਸਾਹਿਬ, ਮੰਡੀ ਗੋਬਿੰਦਗੜ੍ਹ, ਬਸੀ ਪਠਾਣਾ ਅਤੇ ਨਗਰ ਪੰਚਾਇਤ ਖਮਾਣੋਂ ਦੇ 80 ਵਾਰਡਾਂ ਲਈ ਹੋਣਗੀਆਂ ਚੋਣਾਂ : ਡਾ. ਸੋਨਾ ਥਿੰਦ

Dc fatehgarh sahib

ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਚੋਣ ਪ੍ਰੋਗਰਾਮ ਤਹਿਤ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਅੰਦਰ ਪੈਂਦੀਆਂ ਨਗਰ ਕੌਂਸਲ ਸਰਹਿੰਦ-ਫਤਹਿਗੜ੍ਹ ਸਾਹਿਬ, ਮੰਡੀ ਗੋਬਿੰਦਗੜ੍ਹ, ਬਸੀ ਪਠਾਣਾ ਅਤੇ ਨਗਰ ਪੰਚਾਇਤ ਖਮਾਣੋਂ ਦੇ ਕੁੱਲ 80 ਵਾਰਡਾਂ ਲਈ ਚੋਣਾਂ ਕਰਵਾਈਆਂ ਜਾਣਗੀਆਂ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਚੋਣਾਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਸਾਂਝੀ ਕੀਤੀ।

ਡਾ. ਸੋਨਾ ਥਿੰਦ ਨੇ ਦੱਸਿਆ ਕਿ 5 ਮਈ 2026 ਤੱਕ ਹੋਈ ਅੰਤਿਮ ਪ੍ਰਕਾਸ਼ਨਾ ਅਨੁਸਾਰ ਇਨ੍ਹਾਂ ਚੋਣਾਂ ਲਈ ਜ਼ਿਲ੍ਹੇ ਵਿੱਚ ਕੁੱਲ 1,24,733 ਵੋਟਰ ਦਰਜ ਹਨ। ਇਨ੍ਹਾਂ ਵਿੱਚ 64,717 ਪੁਰਸ਼ ਵੋਟਰ, 60,010 ਮਹਿਲਾ ਵੋਟਰ ਅਤੇ 6 ਥਰਡ ਜੈਂਡਰ ਵੋਟਰ ਸ਼ਾਮਲ ਹਨ। ਚੋਣਾਂ ਲਈ ਜ਼ਿਲ੍ਹੇ ਵਿੱਚ 137 ਪੋਲਿੰਗ ਬੂਥ ਸਥਾਪਿਤ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਚੋਣਾਂ ਲਈ ਨਾਮਜ਼ਦਗੀਆਂ 13 ਮਈ ਤੋਂ 16 ਮਈ 2026 ਤੱਕ ਦਾਖਲ ਕਰਵਾਈਆਂ ਜਾ ਸਕਦੀਆਂ ਹਨ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 18 ਮਈ ਨੂੰ ਕੀਤੀ ਜਾਵੇਗੀ, ਜਦਕਿ 19 ਮਈ ਤੱਕ ਉਮੀਦਵਾਰ ਆਪਣੀਆਂ ਨਾਮਜ਼ਦਗੀਆਂ ਵਾਪਸ ਲੈ ਸਕਣਗੇ। ਵੋਟਿੰਗ 26 ਮਈ 2026 ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਬੈਲਟ ਪੇਪਰ ਰਾਹੀਂ ਹੋਵੇਗੀ ਅਤੇ ਨਤੀਜੇ 29 ਮਈ 2026 ਨੂੰ ਐਲਾਨੇ ਜਾਣਗੇ।

ਜ਼ਿਲ੍ਹਾ ਚੋਣ ਅਫਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਕੌਂਸਲ ਬਸੀ ਪਠਾਣਾ ਦੇ 15 ਵਾਰਡਾਂ ਵਿੱਚ 16,046 ਵੋਟਰ ਹਨ ਅਤੇ ਇੱਥੇ 19 ਪੋਲਿੰਗ ਬੂਥ ਬਣਾਏ ਗਏ ਹਨ। ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ 29 ਵਾਰਡਾਂ ਵਿੱਚ 52,565 ਵੋਟਰ ਹਨ ਅਤੇ 58 ਪੋਲਿੰਗ ਬੂਥ ਸਥਾਪਿਤ ਕੀਤੇ ਗਏ ਹਨ। ਇਸੇ ਤਰ੍ਹਾਂ ਨਗਰ ਕੌਂਸਲ ਸਰਹਿੰਦ-ਫਤਹਿਗੜ੍ਹ ਸਾਹਿਬ ਦੇ 23 ਵਾਰਡਾਂ ਵਿੱਚ 48,468 ਵੋਟਰ ਹਨ ਅਤੇ 47 ਬੂਥ ਬਣਾਏ ਗਏ ਹਨ। ਨਗਰ ਪੰਚਾਇਤ ਖਮਾਣੋਂ ਦੇ 13 ਵਾਰਡਾਂ ਵਿੱਚ 7,654 ਵੋਟਰ ਹਨ ਅਤੇ 13 ਪੋਲਿੰਗ ਬੂਥ ਬਣਾਏ ਗਏ ਹਨ।

ਡਿਪਟੀ ਕਮਿਸ਼ਨਰ ਨੇ ਸਬੰਧਤ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਖੇਤਰਾਂ ਦੇ ਪੋਲਿੰਗ ਬੂਥਾਂ ਦਾ ਨਿੱਜੀ ਤੌਰ ’ਤੇ ਦੌਰਾ ਕਰਕੇ ਸਹੂਲਤਾਂ ਦਾ ਜਾਇਜ਼ਾ ਲੈਣ ਅਤੇ ਜੇਕਰ ਕੋਈ ਕਮੀ ਹੋਵੇ ਤਾਂ ਉਸਨੂੰ ਤੁਰੰਤ ਦੂਰ ਕਰਵਾਇਆ ਜਾਵੇ, ਤਾਂ ਜੋ ਵੋਟਰਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪੂਜਾ ਸਿਆਲ ਗਰੇਵਾਲ, ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Leave a Reply

Your email address will not be published. Required fields are marked *