ਐਗਰੀਸਟੈਕ ਫਾਰਮਰ ਰਜਿਸਟਰੀ ਸਕੀਮ ਦੀ ਪ੍ਰਗਤੀ ਦਾ ਜਾਇਜ਼ਾ, ਕਿਸਾਨਾਂ ਨੂੰ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ
ਫ਼ਤਹਿਗੜ੍ਹ ਸਾਹਿਬ,
ਜ਼ਿਲ੍ਹੇ ਦੇ ਕਿਸਾਨਾਂ ਨੂੰ ਖੇਤੀਬਾੜੀ ਨਾਲ ਸਬੰਧਤ ਸਰਕਾਰੀ ਸਕੀਮਾਂ ਅਤੇ ਸਹੂਲਤਾਂ ਦਾ ਲਾਭ ਲੈਣ ਲਈ ਆਪਣੀ ਫਾਰਮਰ ਆਈ.ਡੀ. (ਕਿਸਾਨ ਆਈ.ਡੀ.) ਬਣਵਾਉਣੀ ਲਾਜ਼ਮੀ ਹੈ। ਇਹ ਗੱਲ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਐਗਰੀਸਟੈਕ ਫਾਰਮਰ ਰਜਿਸਟਰੀ ਸਕੀਮ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਰਿਵਿਊ ਮੀਟਿੰਗ ਦੌਰਾਨ ਕਹੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਐਗਰੀਸਟੈਕ ਸਕੀਮ ਤਹਿਤ ਵੱਧ ਤੋਂ ਵੱਧ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਹਰ ਕਿਸਾਨ ਆਪਣੀ ਫਾਰਮਰ ਆਈ.ਡੀ. ਬਣਵਾ ਸਕੇ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਸਮੇਤ ਖੇਤੀਬਾੜੀ ਵਿਭਾਗ ਦੀਆਂ ਵੱਖ-ਵੱਖ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਕਿਸਾਨਾਂ ਲਈ ਇਹ ਰਜਿਸਟ੍ਰੇਸ਼ਨ ਬਹੁਤ ਮਹੱਤਵਪੂਰਨ ਹੋਵੇਗੀ।
ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਫਾਰਮਰ ਆਈ.ਡੀ. ਬਣਵਾਉਣ ਲਈ ਪ੍ਰੇਰਿਤ ਕੀਤਾ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਵੱਧ ਤੋਂ ਵੱਧ ਕਿਸਾਨ ਇਸ ਸਕੀਮ ਨਾਲ ਜੁੜਨ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਫਾਰਮਰ ਆਈ.ਡੀ. ਬਣਾਉਣ ਦੀ ਪ੍ਰਕਿਰਿਆ ਪੂਰੀ ਤਰ੍ਹਾਂ ਮੁਫ਼ਤ ਹੈ।
ਡਾ. ਸੋਨਾ ਥਿੰਦ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਰਜਿਸਟ੍ਰੇਸ਼ਨ ਖੇਤੀਬਾੜੀ ਵਿਭਾਗ ਦੇ ਦਫ਼ਤਰਾਂ ਜਾਂ ਨੇੜਲੇ ਕਾਮਨ ਸਰਵਿਸ ਸੈਂਟਰ (ਸੀ.ਐੱਸ.ਸੀ.) ਵਿਖੇ ਜਾ ਕੇ ਕਰਵਾਉਣ। ਉਨ੍ਹਾਂ ਕਿਹਾ ਕਿ ਰਜਿਸਟ੍ਰੇਸ਼ਨ ਸਮੇਂ ਕਿਸਾਨ ਆਪਣੇ ਨਾਲ ਆਧਾਰ ਕਾਰਡ, ਆਧਾਰ ਨਾਲ ਲਿੰਕ ਮੋਬਾਈਲ ਨੰਬਰ ਅਤੇ ਜਮਾਬੰਦੀ ਦੀ ਕਾਪੀ ਜ਼ਰੂਰ ਲੈ ਕੇ ਜਾਣ ਤਾਂ ਜੋ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਬਿਨਾਂ ਕਿਸੇ ਰੁਕਾਵਟ ਦੇ ਪੂਰੀ ਹੋ ਸਕੇ।
ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਦੇਵ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਰੀਬ 38 ਹਜ਼ਾਰ ਕਿਸਾਨਾਂ ਦੀਆਂ ਫਾਰਮਰ ਆਈ.ਡੀਜ਼ ਬਣਾਈਆਂ ਜਾਣੀਆਂ ਹਨ, ਜਿਨ੍ਹਾਂ ਵਿੱਚੋਂ ਹੁਣ ਤੱਕ ਲਗਭਗ 6,900 ਕਿਸਾਨ ਆਪਣੀ ਰਜਿਸਟ੍ਰੇਸ਼ਨ ਕਰਵਾ ਚੁੱਕੇ ਹਨ।
ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀਆਂ ਫਾਰਮਰ ਆਈ.ਡੀਜ਼ ਬਣਾਉਣ ਲਈ ਵਿਭਾਗ ਵੱਲੋਂ ਰੋਜ਼ਾਨਾ ਪਿੰਡ ਪੱਧਰ ‘ਤੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਸ ਤੋਂ ਇਲਾਵਾ ਕਿਸਾਨਾਂ ਨੂੰ ਬਲਾਕ ਖੇਤੀਬਾੜੀ ਦਫ਼ਤਰਾਂ ਅਤੇ ਨੇੜਲੇ ਸੀ.ਐੱਸ.ਸੀ. ਕੇਂਦਰਾਂ ਰਾਹੀਂ ਵੀ ਰਜਿਸਟ੍ਰੇਸ਼ਨ ਕਰਵਾਉਣ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਜਲਦ ਤੋਂ ਜਲਦ ਆਪਣੀ ਫਾਰਮਰ ਆਈ.ਡੀ. ਬਣਵਾਉਣ ਅਤੇ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਵਿੱਚ ਸਹਿਯੋਗ ਦੇਣ।









Leave a Reply