BREAKING PUNJAB

Fastest Punjab & National News in Punjabi and Hindi

ਲੁਧਿਆਣਾ ਵਿੱਚ 6-7 ਲੱਖ ਵੋਟਾਂ ਕੱਟੇ ਜਾਣ ਦੀਆਂ ਖ਼ਬਰਾਂ ਬੇਬੁਨਿਆਦ, ਅਫਵਾਹਾਂ ਫੈਲਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ: ਡੀਸੀ ਹਿਮਾਂਸ਼ੂ ਜੈਨ

Meeting by dc ludhiana

ਐਸ.ਆਈ.ਆਰ. ਦੌਰਾਨ ਕਿਸੇ ਵੀ ਵੋਟਰ ਦਾ ਨਾਮ ਨਹੀਂ ਕੱਟਿਆ ਗਿਆ, ‘ਅਨਮੈਪਡ’ ਵੋਟਰਾਂ ਬਾਰੇ ਗਲਤਫਹਿਮੀ ਫੈਲਾਈ ਜਾ ਰਹੀ ਹੈ

ਲੁਧਿਆਣਾ, : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ (ਡੀਈਓ) ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ 6 ਤੋਂ 7 ਲੱਖ ਵੋਟਾਂ ਕੱਟੇ ਜਾਣ ਸਬੰਧੀ ਚੱਲ ਰਹੀਆਂ ਖ਼ਬਰਾਂ ਨੂੰ ਪੂਰੀ ਤਰ੍ਹਾਂ ਗਲਤ ਅਤੇ ਬੇਬੁਨਿਆਦ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੁਝ ਮੀਡੀਆ ਅਦਾਰਿਆਂ ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਲੋਕਾਂ ਵਿੱਚ ਗਲਤ ਜਾਣਕਾਰੀ ਫੈਲਾਈ ਜਾ ਰਹੀ ਹੈ, ਜਿਸ ਦਾ ਹਕੀਕਤ ਨਾਲ ਕੋਈ ਲੈਣਾ-ਦੇਣਾ ਨਹੀਂ।

ਹਿਮਾਂਸ਼ੂ ਜੈਨ ਨੇ ਸਪੱਸ਼ਟ ਕੀਤਾ ਕਿ ਜਿਨ੍ਹਾਂ 6-7 ਲੱਖ ਵੋਟਰਾਂ ਦੀ ਗੱਲ ਕੀਤੀ ਜਾ ਰਹੀ ਹੈ, ਉਹ “ਅਨਮੈਪਡ ਵੋਟਰ” ਹਨ। ਇਸ ਦਾ ਅਰਥ ਇਹ ਹੈ ਕਿ ਉਨ੍ਹਾਂ ਦੇ ਨਾਮ ਵੋਟਰ ਸੂਚੀ ਵਿੱਚ ਦਰਜ ਹਨ, ਪਰ ਤਕਨੀਕੀ ਕਾਰਨਾਂ ਕਰਕੇ ਹਾਲੇ ਤੱਕ ਉਨ੍ਹਾਂ ਨੂੰ ਕਿਸੇ ਖ਼ਾਸ ਪੋਲਿੰਗ ਬੂਥ ਨਾਲ ਜੋੜਿਆ ਨਹੀਂ ਗਿਆ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਿਸੇ ਵੀ ਵੋਟਰ ਦਾ ਨਾਮ ਵੋਟਰ ਸੂਚੀ ਵਿੱਚੋਂ ਨਹੀਂ ਕੱਟਿਆ ਗਿਆ।

ਜ਼ਿਲ੍ਹਾ ਚੋਣ ਅਫ਼ਸਰ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸਾਰੇ ਯੋਗ ਵੋਟਰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰ ਸਕਣਗੇ ਅਤੇ ਕਿਸੇ ਦੀ ਵੀ ਵੋਟ ਖ਼ਤਮ ਨਹੀਂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕਿਸੇ ਵੀ ਵੋਟਰ ਦਾ ਨਾਮ ਸੂਚੀ ਵਿੱਚੋਂ ਕੱਟਣ ਤੋਂ ਪਹਿਲਾਂ ਨਿਰਧਾਰਤ ਪ੍ਰਕਿਰਿਆ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਂਦੀ ਹੈ।

ਉਨ੍ਹਾਂ ਕਿਹਾ ਕਿ ਇਸ ਵੇਲੇ ਬੂਥ ਲੈਵਲ ਅਫ਼ਸਰ (ਬੀਐਲਓ) ਵੋਟਰਾਂ ਦੀ ਮੁੜ ਜਾਂਚ ਦੀ ਪ੍ਰਕਿਰਿਆ ਵਿੱਚ ਰੁੱਝੇ ਹੋਏ ਹਨ। 25 ਜੂਨ 2026 ਤੋਂ ਬੀਐਲਓ ਘਰ-ਘਰ ਜਾ ਕੇ ਮੈਪਡ ਅਤੇ ਅਨਮੈਪਡ ਦੋਵਾਂ ਕਿਸਮ ਦੇ ਵੋਟਰਾਂ ਦਾ ਸਰਵੇ ਕਰਨਗੇ ਅਤੇ ਲੋੜੀਂਦੇ ਫਾਰਮ ਭਰਵਾਉਣਗੇ।

ਡੀਸੀ ਨੇ ਦੱਸਿਆ ਕਿ ਵੋਟਰਾਂ ਨੂੰ ਆਪਣੇ ਦਸਤਾਵੇਜ਼ ਜਮ੍ਹਾਂ ਕਰਵਾਉਣ ਲਈ ਪੂਰਾ ਮੌਕਾ ਦਿੱਤਾ ਜਾਵੇਗਾ ਤਾਂ ਜੋ ਉਨ੍ਹਾਂ ਦੇ ਨਾਮ ਡਰਾਫਟ ਵੋਟਰ ਸੂਚੀ ਵਿੱਚ ਸ਼ਾਮਲ ਰਹਿਣ। ਜੇਕਰ ਕਿਸੇ ਮਾਮਲੇ ਵਿੱਚ ਵੋਟਰ ਦਾ ਨਾਮ ਕੱਟਣ ਦੀ ਕਾਰਵਾਈ ਕੀਤੀ ਜਾਂਦੀ ਹੈ ਤਾਂ ਪਹਿਲਾਂ ਸਬੰਧਤ ਵੋਟਰ ਨੂੰ ਨੋਟਿਸ ਜਾਰੀ ਕੀਤਾ ਜਾਂਦਾ ਹੈ ਅਤੇ ਉਸ ਤੋਂ ਬਾਅਦ ਹੀ ਯੋਗ ਅਧਿਕਾਰੀ ਵੱਲੋਂ ਫ਼ੈਸਲਾ ਲਿਆ ਜਾਂਦਾ ਹੈ।

ਹਿਮਾਂਸ਼ੂ ਜੈਨ ਨੇ ਮੀਡੀਆ ਅਦਾਰਿਆਂ, ਸੋਸ਼ਲ ਮੀਡੀਆ ਪੇਜਾਂ ਅਤੇ ਡਿਜ਼ੀਟਲ ਇੰਫਲੂਐਂਸਰਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਤੱਥਾਂ ਦੀ ਪੁਸ਼ਟੀ ਕੀਤੇ ਕੋਈ ਵੀ ਜਾਣਕਾਰੀ ਸਾਂਝੀ ਨਾ ਕਰਨ, ਜਿਸ ਨਾਲ ਲੋਕਾਂ ਵਿੱਚ ਬੇਲੋੜਾ ਡਰ ਜਾਂ ਭੰਬਲਭੂਸਾ ਪੈਦਾ ਹੋਵੇ।

ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਸਪੈਸ਼ਲ ਇੰਟੈਂਸਿਵ ਰੀਵਿਜ਼ਨ (ਐਸ.ਆਈ.ਆਰ.) ਸਬੰਧੀ ਜਾਣ-ਬੁੱਝ ਕੇ ਝੂਠੀਆਂ ਖ਼ਬਰਾਂ ਅਤੇ ਅਫਵਾਹਾਂ ਫੈਲਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *