ਟਰੈਫਿਕ ਨਿਯਮਾਂ ਅਤੇ ਮੋਟਰ ਵਾਹਨ ਐਕਟ ਦੀ ਪਾਲਣਾ ਯਕੀਨੀ ਬਣਾਉਣ ਲਈ ਆਟੋ ਚਾਲਕਾਂ ਨਾਲ ਕੀਤੀ ਮੀਟਿੰਗ
ਫਤਹਿਗੜ੍ਹ ਸਾਹਿਬ, ਰਿਜਨਲ ਟਰਾਂਸਪੋਰਟ ਅਫ਼ਸਰ (ਆਰਟੀਓ) ਨਮਨ ਮੜਕਨ ਨੇ ਜ਼ਿਲ੍ਹੇ ਦੀਆਂ ਵੱਖ-ਵੱਖ ਆਟੋ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਵਾਹਨਾਂ ਦੇ ਸਾਰੇ ਲੋੜੀਂਦੇ ਦਸਤਾਵੇਜ਼ ਹਰ ਸਮੇਂ ਵੈਧ ਅਤੇ ਅੱਪਡੇਟ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪਰਮਿਟ, ਬੀਮਾ (ਇੰਸ਼ੋਰੈਂਸ), ਫਿਟਨੈੱਸ ਸਰਟੀਫਿਕੇਟ, ਪ੍ਰਦੂਸ਼ਣ ਸਰਟੀਫਿਕੇਟ, ਡਰਾਈਵਿੰਗ ਲਾਇਸੈਂਸ, ਟੈਕਸ ਅਤੇ ਹੋਰ ਜ਼ਰੂਰੀ ਦਸਤਾਵੇਜ਼ ਸਮੇਂ ਸਿਰ ਰੀਨਿਊ ਕਰਵਾਏ ਜਾਣ ਅਤੇ ਮੋਟਰ ਵਾਹਨ ਐਕਟ ਤਹਿਤ ਬਣਾਏ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਵੇ।
ਮੀਟਿੰਗ ਦੌਰਾਨ ਆਟੋ ਚਾਲਕਾਂ ਨੂੰ ਸੜਕ ਸੁਰੱਖਿਆ, ਟਰੈਫਿਕ ਨਿਯਮਾਂ ਦੀ ਪਾਲਣਾ, ਯਾਤਰੀਆਂ ਨੂੰ ਸੁਰੱਖਿਅਤ ਅਤੇ ਬਿਹਤਰ ਆਵਾਜਾਈ ਸੇਵਾਵਾਂ ਪ੍ਰਦਾਨ ਕਰਨ ਅਤੇ ਵਾਹਨਾਂ ਦੇ ਵੈਧ ਦਸਤਾਵੇਜ਼ਾਂ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।
ਨਮਨ ਮੜਕਨ ਨੇ ਕਿਹਾ ਕਿ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਨਾਲ ਹਾਦਸਿਆਂ ਵਿੱਚ ਕਮੀ ਆਉਂਦੀ ਹੈ ਅਤੇ ਯਾਤਰੀਆਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਦੀ ਹੈ। ਉਨ੍ਹਾਂ ਦੱਸਿਆ ਕਿ ਟਰਾਂਸਪੋਰਟ ਵਿਭਾਗ ਵੱਲੋਂ ਸਮੇਂ-ਸਮੇਂ ‘ਤੇ ਵਿਸ਼ੇਸ਼ ਚੈਕਿੰਗ ਮੁਹਿੰਮਾਂ ਚਲਾਈਆਂ ਜਾਂਦੀਆਂ ਹਨ ਅਤੇ ਜਿਨ੍ਹਾਂ ਵਾਹਨਾਂ ਦੇ ਦਸਤਾਵੇਜ਼ ਅਧੂਰੇ ਜਾਂ ਗੈਰ-ਵੈਧ ਪਾਏ ਜਾਂਦੇ ਹਨ ਜਾਂ ਜੋ ਮੋਟਰ ਵਾਹਨ ਐਕਟ ਦੀ ਉਲੰਘਣਾ ਕਰਦੇ ਹਨ, ਉਨ੍ਹਾਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਸਾਰੇ ਵਾਹਨ ਮਾਲਕਾਂ ਅਤੇ ਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਦਸਤਾਵੇਜ਼ ਸਮੇਂ ਸਿਰ ਰੀਨਿਊ ਕਰਵਾਉਣ ਅਤੇ ਟਰੈਫਿਕ ਨਿਯਮਾਂ ਦੀ ਪਾਲਣਾ ਕਰਕੇ ਸੁਰੱਖਿਅਤ ਆਵਾਜਾਈ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਵਿੱਚ ਸਹਿਯੋਗ ਦੇਣ।
ਮੀਟਿੰਗ ਦੌਰਾਨ ਆਟੋ ਯੂਨੀਅਨਾਂ ਦੇ ਨੁਮਾਇੰਦਿਆਂ ਨੇ ਭਰੋਸਾ ਦਿੱਤਾ ਕਿ ਉਹ ਆਪਣੇ ਮੈਂਬਰਾਂ ਨੂੰ ਟਰੈਫਿਕ ਨਿਯਮਾਂ ਅਤੇ ਮੋਟਰ ਵਾਹਨ ਐਕਟ ਬਾਰੇ ਜਾਗਰੂਕ ਕਰਨਗੇ ਅਤੇ ਯਾਤਰੀਆਂ ਨੂੰ ਸੁਰੱਖਿਅਤ, ਸੁਚੱਜੀਆਂ ਅਤੇ ਭਰੋਸੇਯੋਗ ਆਵਾਜਾਈ ਸੇਵਾਵਾਂ ਪ੍ਰਦਾਨ ਕਰਨ ਲਈ ਯਤਨਸ਼ੀਲ ਰਹਿਣਗੇ।
ਇਸ ਮੌਕੇ ਜਸਪਾਲ ਸਿੰਘ, ਦਰਸ਼ਨ ਸਿੰਘ, ਕਰਨਵੀਰ ਸਿੰਘ, ਜਗਜੀਤ ਸਿੰਘ, ਰਾਜੀਵ ਕੁਮਾਰ, ਅਮਰਜੀਤ ਸਿੰਘ, ਗੁਰਦੀਪ ਸਿੰਘ, ਸਵਰਨ ਸਿੰਘ, ਕੁਲਵੰਤ ਸਿੰਘ, ਮਨਜੀਤ ਸਿੰਘ ਅਤੇ ਜੋਧ ਸਿੰਘ ਸਮੇਤ ਵੱਖ-ਵੱਖ ਆਟੋ ਯੂਨੀਅਨਾਂ ਦੇ ਨੁਮਾਇੰਦੇ ਮੌਜੂਦ ਸਨ।












Leave a Reply