ਫਤਹਿਗੜ੍ਹ ਸਾਹਿਬ: ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਨੂੰ ਸੁਚਾਰੂ ਢੰਗ ਨਾਲ ਆਯੋਜਿਤ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਰਬੀਰ ਕੌਰ ਭੁੱਲਰ ਨੇ ਬੱਚਤ ਭਵਨ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਤਿਆਰੀਆਂ ਦੀ ਸਮੀਖਿਆ ਕੀਤੀ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਆਪਣੀਆਂ ਡਿਊਟੀਆਂ ਪੂਰੀ ਜ਼ਿੰਮੇਵਾਰੀ ਅਤੇ ਦੇਸ਼ਭਗਤੀ ਦੀ ਭਾਵਨਾ ਨਾਲ ਨਿਭਾਉਣ ਦੇ ਨਿਰਦੇਸ਼ ਦਿੱਤੇ।
ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ 15 ਅਗਸਤ ਨੂੰ ਖੇਡ ਸਟੇਡੀਅਮ ਮਾਧੋਪੁਰ, ਸਰਹਿੰਦ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਕਰਵਾਇਆ ਜਾਵੇਗਾ, ਜਿਸ ਦੀਆਂ ਰੀਹਰਸਲਾਂ 5 ਅਗਸਤ ਤੋਂ ਸ਼ੁਰੂ ਹੋਣਗੀਆਂ। ਉਨ੍ਹਾਂ ਸਾਰੇ ਵਿਭਾਗਾਂ ਨੂੰ ਸਮੇਂ ਸਿਰ ਲੋੜੀਂਦੇ ਪ੍ਰਬੰਧ ਪੂਰੇ ਕਰਨ ਲਈ ਕਿਹਾ।
ਵਧੀਕ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਨੂੰ ਮੈਡੀਕਲ ਟੀਮਾਂ ਅਤੇ ਐਂਬੂਲੈਂਸਾਂ ਦੀ ਉਚਿਤ ਵਿਵਸਥਾ ਕਰਨ, ਨਗਰ ਕੌਂਸਲ ਨੂੰ ਸਮਾਗਮ ਸਥਾਨ ਅਤੇ ਸ਼ਹਿਰ ਦੀ ਸਫ਼ਾਈ ਯਕੀਨੀ ਬਣਾਉਣ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਅਤੇ ਮੰਡੀ ਬੋਰਡ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੁਚਾਰੂ ਸਪਲਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਸਮਾਗਮ ਦੌਰਾਨ ਸਾਰੇ ਵਿਭਾਗਾਂ ਦੇ ਸਟਾਫ ਦੀ ਹਾਜ਼ਰੀ ਲਾਜ਼ਮੀ ਤੌਰ ‘ਤੇ ਯਕੀਨੀ ਬਣਾਈ ਜਾਵੇ। ਪੁਲਿਸ ਵਿਭਾਗ ਨੂੰ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਅਤੇ ਬਾਗਬਾਨੀ ਵਿਭਾਗ ਨੂੰ ਸਮਾਗਮ ਸਥਾਨ ਦੀ ਸੁਚੱਜੀ ਸਜਾਵਟ ਲਈ ਪਹਿਲਾਂ ਤੋਂ ਤਿਆਰੀਆਂ ਕਰਨ ਦੇ ਨਿਰਦੇਸ਼ ਦਿੱਤੇ ਗਏ।
ਮੀਟਿੰਗ ਵਿੱਚ ਐਸ.ਡੀ.ਐਮ. ਖਮਾਣੋਂ ਅਰਵਿੰਦ ਕੁਮਾਰ ਗੁਪਤਾ, ਐਸ.ਪੀ. ਹਰਵੰਤ ਕੌਰ, ਆਰ.ਟੀ.ਓ. ਨਮਨ ਮੜਕਨ, ਤਹਿਸੀਲਦਾਰ ਵਿਸ਼ਾਲ ਵਰਮਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।












Leave a Reply