ਖੰਨਾ ਪੁਲਿਸ ਨੇ ਇੱਕ ਬੇਹੱਦ ਸੰਵੇਦਨਸ਼ੀਲ ਅਤੇ ਚਰਚਿਤ ਮਾਮਲੇ ਨੂੰ ਸੁਲਝਾਉਂਦਿਆਂ 14 ਸਾਲਾ ਅਪਾਹਜ ਨਾਬਾਲਗ ਨਾਲ ਜਬਰ-ਜ਼ਨਾਹ ਕਰਨ ਉਪਰੰਤ ਉਸ ਦਾ ਕਤਲ ਕਰਨ ਦੇ ਦੋਸ਼ ਹੇਠ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਅੰਨ੍ਹੇ ਕਤਲ ਦੀ ਘਟਨਾ ਨੇ ਪੂਰੇ ਇਲਾਕੇ ਵਿੱਚ ਸਨਸਨੀ ਫੈਲਾ ਦਿੱਤੀ ਸੀ ਅਤੇ ਪੁਲਿਸ ਲਈ ਵੀ ਇਹ ਇੱਕ ਵੱਡੀ ਚੁਣੌਤੀ ਬਣੀ ਹੋਈ ਸੀ।
ਐਸ.ਪੀ. (ਡੀ) ਪਵਨਜੀਤ ਚੌਧਰੀ ਨੇ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ 6 ਮਈ 2026 ਨੂੰ ਦੋਰਾਹਾ ਨੇੜਲੇ ਇਲਾਕੇ ਵਿੱਚ 14 ਸਾਲਾ ਨਾਬਾਲਿਗ ਲੜਕੀ ਦੀ ਲਾਸ਼ ਬਰਾਮਦ ਹੋਈ ਸੀ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਐਸ.ਐਸ.ਪੀ. ਖੰਨਾ ਡਾ. ਦਰਪਣ ਆਹਲੂਵਾਲੀਆ ਵੱਲੋਂ ਤੁਰੰਤ ਵਿਸ਼ੇਸ਼ ਜਾਂਚ ਟੀਮਾਂ ਦਾ ਗਠਨ ਕਰਕੇ ਦੋਸ਼ੀ ਨੂੰ ਕਾਬੂ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਸਨ।
ਉਨ੍ਹਾਂ ਦੱਸਿਆ ਕਿ ਐਸ.ਪੀ. ਇਨਵੈਸਟੀਗੇਸ਼ਨ ਡਾ. ਹਰਮਿੰਦਰ ਸਿੰਘ, ਐਸ.ਪੀ. (ਆਈ) ਭਰਤ ਭੂਸ਼ਣ ਸਿੰਗਲਾ, ਡੀ.ਐਸ.ਪੀ. ਹਰਮਿੰਦਰ ਸਿੰਘ ਅਤੇ ਡੀ.ਐਸ.ਪੀ. ਪਾਇਲ ਦੀ ਨਿਗਰਾਨੀ ਹੇਠ ਜਾਂਚ ਟੀਮ ਨੇ ਦਿਨ-ਰਾਤ ਮਿਹਨਤ ਕਰਦਿਆਂ ਮਾਮਲੇ ਦੀ ਤਹਿ ਤੱਕ ਪਹੁੰਚਣ ਲਈ ਕੰਮ ਕੀਤਾ। ਸੈਂਕੜੇ ਸੀਸੀਟੀਵੀ ਫੁਟੇਜਾਂ, ਤਕਨੀਕੀ ਸਬੂਤਾਂ, ਫੋਰੈਂਸਿਕ ਜਾਂਚ ਅਤੇ ਮਨੁੱਖੀ ਸੂਚਨਾ ਦੇ ਆਧਾਰ ’ਤੇ ਪੁਲਿਸ ਆਖ਼ਰਕਾਰ ਦੋਸ਼ੀ ਤੱਕ ਪਹੁੰਚਣ ਵਿੱਚ ਕਾਮਯਾਬ ਰਹੀ।
ਜਾਂਚ ਦੌਰਾਨ ਸਾਹਮਣੇ ਆਇਆ ਕਿ ਦੋਸ਼ੀ ਨੇ ਪਹਿਲਾਂ ਅਪਾਹਜ ਨਾਬਾਲਗ ਨਾਲ ਜਬਰ-ਜ਼ਨਾਹ ਕੀਤਾ ਅਤੇ ਬਾਅਦ ਵਿੱਚ ਆਪਣੇ ਜੁਰਮ ਨੂੰ ਲੁਕਾਉਣ ਲਈ ਉਸ ਦਾ ਕਤਲ ਕਰ ਦਿੱਤਾ। ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤਾ ਗਿਆ ਦੋਸ਼ੀ ਪਹਿਲਾਂ ਵੀ ਕਈ ਗੰਭੀਰ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਰਹਿ ਚੁੱਕਾ ਹੈ।
ਐਸ.ਪੀ. (ਡੀ) ਪਵਨਜੀਤ ਚੌਧਰੀ ਨੇ ਜਾਂਚ ਟੀਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮਾਜ ਵਿੱਚ ਅਜਿਹੇ ਘਿਨਾਉਣੇ ਅਪਰਾਧ ਕਰਨ ਵਾਲਿਆਂ ਲਈ ਕੋਈ ਥਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਖੰਨਾ ਪੁਲਿਸ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਦੋਸ਼ੀ ਨੂੰ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ।
ਪੁਲਿਸ ਵੱਲੋਂ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਤਾਂ ਜੋ ਮਾਮਲੇ ਨਾਲ ਜੁੜੇ ਹਰ ਪਹਿਲੂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਸਕੇ ਅਤੇ ਹੋਰ ਤੱਥ ਸਾਹਮਣੇ ਲਿਆਂਦੇ ਜਾ ਸਕਣ।












Leave a Reply