BREAKING PUNJAB

Fastest Punjab & National News in Punjabi and Hindi

ਫਤਹਿਗੜ੍ਹ ਸਾਹਿਬ ਵਿੱਚ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ‘ਤੇ ਪਾਬੰਦੀ, ਨਫਰਤ ਭਰੇ ਭਾਸ਼ਣਾਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਹੁਕਮ

Order by dc Fatehgarh Sahib sona thind

ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਵੱਲੋਂ 23 ਅਗਸਤ 2026 ਤੱਕ ਹੁਕਮ ਲਾਗੂ

ਫਤਹਿਗੜ੍ਹ ਸਾਹਿਬ, ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਸਮੂਹ ਖੇਤਰ ਵਿੱਚ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ‘ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਇਸ ਸਬੰਧੀ ਜਾਰੀ ਹੁਕਮਾਂ ਅਨੁਸਾਰ ਸੋਸ਼ਲ ਮੀਡੀਆ ‘ਤੇ ਹਥਿਆਰਾਂ ਦਾ ਪ੍ਰਦਰਸ਼ਨ ਕਰਨ, ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ਨੂੰ ਉਤਸ਼ਾਹਿਤ ਕਰਨ ਅਤੇ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਸਮਾਗਮਾਂ ਜਾਂ ਹੋਰ ਸਮਾਗਮਾਂ ਵਿੱਚ ਹਥਿਆਰ ਲੈ ਕੇ ਜਾਣ ਅਤੇ ਉਨ੍ਹਾਂ ਦਾ ਪ੍ਰਦਰਸ਼ਨ ਕਰਨ ‘ਤੇ ਰੋਕ ਲਗਾਈ ਗਈ ਹੈ।

ਜ਼ਿਲ੍ਹਾ ਮੈਜਿਸਟਰੇਟ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਕਿਸੇ ਵੀ ਭਾਈਚਾਰੇ ਵਿਰੁੱਧ ਨਫਰਤ ਭਰੇ ਭਾਸ਼ਣ ਦੇਣ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਅਤੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਇਹ ਕਦਮ ਚੁੱਕਿਆ ਗਿਆ ਹੈ।

ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ਅਤੇ ਨਫਰਤ ਫੈਲਾਉਣ ਵਾਲੀਆਂ ਗਤੀਵਿਧੀਆਂ ਨਾਲ ਸਮਾਜਿਕ ਸ਼ਾਂਤੀ ਭੰਗ ਹੋਣ ਅਤੇ ਲੋਕਾਂ ਦੀ ਸੁਰੱਖਿਆ ਨੂੰ ਖ਼ਤਰਾ ਪੈਦਾ ਹੋ ਸਕਦਾ ਹੈ। ਇਸ ਲਈ ਪਿੰਡਾਂ, ਕਸਬਿਆਂ ਅਤੇ ਸ਼ਹਿਰੀ ਖੇਤਰਾਂ ਵਿੱਚ ਅਮਨ ਅਤੇ ਸੁਰੱਖਿਆ ਬਣਾਈ ਰੱਖਣ ਲਈ ਇਹ ਪਾਬੰਦੀਆਂ ਲਾਜ਼ਮੀ ਹਨ।

ਇਹ ਹੁਕਮ 23 ਅਗਸਤ 2026 ਤੱਕ ਲਾਗੂ ਰਹਿਣਗੇ। ਹਾਲਾਂਕਿ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਡਿਊਟੀ ਦੌਰਾਨ ਹਥਿਆਰ ਰੱਖਣ ਸਬੰਧੀ ਇਸ ਪਾਬੰਦੀ ਤੋਂ ਛੋਟ ਦਿੱਤੀ ਗਈ ਹੈ।

Leave a Reply

Your email address will not be published. Required fields are marked *