ਬੱਸੀ ਪਠਾਣਾ: ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਮੁਹਿੰਮ ਨੂੰ ਹੋਰ ਗਤੀ ਦੇਣ ਅਤੇ ਇਨੁਮੀਰੇਸ਼ਨ ਦੀ ਪ੍ਰਕਿਰਿਆ ਸਮੇਂ ਸਿਰ ਮੁਕੰਮਲ ਕਰਨ ਦੇ ਉਦੇਸ਼ ਨਾਲ ਐਸਡੀਐਮ ਬੱਸੀ ਪਠਾਣਾ ਸ੍ਰੀਮਤੀ ਦੀਪਜੋਤ ਕੌਰ ਨੇ ਵਿਧਾਨ ਸਭਾ ਹਲਕਾ ਬੱਸੀ ਪਠਾਣਾ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਦਾ ਦੌਰਾ ਕਰਕੇ ਪ੍ਰਗਤੀ ਦਾ ਜਾਇਜ਼ਾ ਲਿਆ।
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਦੌਰੇ ਦੌਰਾਨ ਐਸਡੀਐਮ ਨੇ ਬੀਐਲਓਜ਼ ਵੱਲੋਂ ਕੀਤੇ ਜਾ ਰਹੇ ਕੰਮ ਦੀ ਸਮੀਖਿਆ ਕੀਤੀ ਅਤੇ ਹਦਾਇਤ ਕੀਤੀ ਕਿ ਹਰ ਯੋਗ ਵੋਟਰ ਤੱਕ ਪਹੁੰਚ ਯਕੀਨੀ ਬਣਾਈ ਜਾਵੇ। ਉਨ੍ਹਾਂ ਜ਼ੋਰ ਦਿੱਤਾ ਕਿ ਇਨੁਮੀਰੇਸ਼ਨ ਦੀ ਪ੍ਰਕਿਰਿਆ ਪੂਰੀ ਪਾਰਦਰਸ਼ਤਾ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹੀ ਜਾਵੇ।
ਸ੍ਰੀਮਤੀ ਦੀਪਜੋਤ ਕੌਰ ਨੇ ਬਜ਼ੁਰਗਾਂ, ਘੱਟ ਪੜ੍ਹੇ-ਲਿਖੇ, ਦਿਵਿਆਂਗ ਅਤੇ ਹੋਰ ਲੋੜਵੰਦ ਵੋਟਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਇਨੁਮੀਰੇਸ਼ਨ ਫਾਰਮ ਭਰਨ ਵਿੱਚ ਨਿੱਜੀ ਸਹਾਇਤਾ ਵੀ ਪ੍ਰਦਾਨ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਯੋਗ ਵੋਟਰ ਜਾਣਕਾਰੀ ਜਾਂ ਸਹਾਇਤਾ ਦੀ ਘਾਟ ਕਾਰਨ ਇਸ ਮਹੱਤਵਪੂਰਨ ਪ੍ਰਕਿਰਿਆ ਤੋਂ ਵਾਂਝਾ ਨਾ ਰਹੇ।
ਡਾ. ਸੋਨਾ ਥਿੰਦ ਨੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਮੁਹਿੰਮ ਦੌਰਾਨ ਬੀਐਲਓਜ਼ ਅਤੇ ਚੋਣ ਅਮਲੇ ਨੂੰ ਪੂਰਾ ਸਹਿਯੋਗ ਦੇਣ, ਆਪਣੇ ਇਨੁਮੀਰੇਸ਼ਨ ਫਾਰਮ ਸਮੇਂ ਸਿਰ ਭਰਨ ਅਤੇ ਲੋੜੀਂਦੇ ਦਸਤਾਵੇਜ਼ ਮੁਹੱਈਆ ਕਰਵਾ ਕੇ ਵੋਟਰ ਸੂਚੀ ਨੂੰ ਸਹੀ ਅਤੇ ਸ਼ੁੱਧ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।












Leave a Reply