ਖੰਨਾ ਦੇ ਸੀਨੀਅਰ ਪੁਲਿਸ ਕਪਤਾਨ (ਐੱਸਐੱਸਪੀ) ਡਾ. ਦਰਪਣ ਆਹਲੂਵਾਲੀਆ ਨੇ ਸ਼ਨੀਵਾਰ ਨੂੰ ਫੋਕਲ ਪੁਆਇੰਟ ਖੰਨਾ ਦਾ ਦੌਰਾ ਕਰਕੇ ਇੰਡਸਟਰੀਅਲ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਦਯੋਗਪਤੀਆਂ ਨੇ ਸੁਰੱਖਿਆ, ਟਰੈਫਿਕ ਪ੍ਰਬੰਧਨ, ਕਾਨੂੰਨ-ਵਿਵਸਥਾ ਅਤੇ ਹੋਰ ਪ੍ਰਸ਼ਾਸਨਿਕ ਮਸਲਿਆਂ ਸਬੰਧੀ ਆਪਣੀਆਂ ਸਮੱਸਿਆਵਾਂ ਐੱਸਐੱਸਪੀ ਦੇ ਧਿਆਨ ਵਿੱਚ ਲਿਆਂਦੀਆਂ।
ਮੀਟਿੰਗ ਦੌਰਾਨ ਡਾ. ਦਰਪਣ ਆਹਲੂਵਾਲੀਆ ਨੇ ਸਾਰੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਮੌਕੇ ‘ਤੇ ਮੌਜੂਦ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਲਈ ਲੋੜੀਂਦੇ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਉਦਯੋਗਿਕ ਖੇਤਰ ਵਿੱਚ ਸੁਰੱਖਿਅਤ ਅਤੇ ਸੁਚਾਰੂ ਮਾਹੌਲ ਬਣਾਈ ਰੱਖਣਾ ਖੰਨਾ ਪੁਲਿਸ ਦੀ ਪ੍ਰਮੁੱਖ ਤਰਜੀਹ ਹੈ।
ਐੱਸਐੱਸਪੀ ਨੇ ਕਿਹਾ ਕਿ ਉਦਯੋਗ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਇਨ੍ਹਾਂ ਦੇ ਨਿਰਵਿਘਨ ਸੰਚਾਲਨ ਲਈ ਪੁਲਿਸ ਪ੍ਰਸ਼ਾਸਨ ਹਰ ਸੰਭਵ ਸਹਿਯੋਗ ਦੇਣ ਲਈ ਵਚਨਬੱਧ ਹੈ। ਉਨ੍ਹਾਂ ਉਦਯੋਗਪਤੀਆਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੀ ਸੁਰੱਖਿਆ ਜਾਂ ਕਾਨੂੰਨ-ਵਿਵਸਥਾ ਨਾਲ ਸਬੰਧਤ ਸਮੱਸਿਆ ਆਉਣ ‘ਤੇ ਉਹ ਤੁਰੰਤ ਪੁਲਿਸ ਨਾਲ ਸੰਪਰਕ ਕਰਨ ਤਾਂ ਜੋ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ।
ਇਸ ਮੌਕੇ ਇੰਡਸਟਰੀਅਲ ਐਸੋਸੀਏਸ਼ਨ ਦੇ ਮੈਂਬਰਾਂ ਨੇ ਐੱਸਐੱਸਪੀ ਵੱਲੋਂ ਖੁਦ ਫੋਕਲ ਪੁਆਇੰਟ ਪਹੁੰਚ ਕੇ ਸਮੱਸਿਆਵਾਂ ਸੁਣਨ ਅਤੇ ਤੁਰੰਤ ਹੱਲ ਦਾ ਭਰੋਸਾ ਦੇਣ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਮੀਟਿੰਗਾਂ ਨਾਲ ਉਦਯੋਗਪਤੀਆਂ ਅਤੇ ਪੁਲਿਸ ਵਿਚਕਾਰ ਤਾਲਮੇਲ ਹੋਰ ਮਜ਼ਬੂਤ ਹੋਵੇਗਾ ਅਤੇ ਮਸਲਿਆਂ ਦਾ ਜਲਦੀ ਨਿਪਟਾਰਾ ਸੰਭਵ ਬਣੇਗਾ।
ਡਾ. ਦਰਪਣ ਆਹਲੂਵਾਲੀਆ ਨੇ ਭਰੋਸਾ ਦਿਵਾਇਆ ਕਿ ਖੰਨਾ ਪੁਲਿਸ ਉਦਯੋਗਿਕ ਇਕਾਈਆਂ ਦੀ ਸੁਰੱਖਿਆ, ਕਾਨੂੰਨ-ਵਿਵਸਥਾ ਅਤੇ ਕਾਰੋਬਾਰ ਲਈ ਅਨੁਕੂਲ ਮਾਹੌਲ ਬਣਾਈ ਰੱਖਣ ਲਈ ਲਗਾਤਾਰ ਯਤਨਸ਼ੀਲ ਰਹੇਗੀ। ਉਨ੍ਹਾਂ ਕਿਹਾ ਕਿ ਉਦਯੋਗਾਂ ਦੇ ਵਿਕਾਸ ਨਾਲ ਖੇਤਰ ਵਿੱਚ ਰੁਜ਼ਗਾਰ ਅਤੇ ਆਰਥਿਕ ਤਰੱਕੀ ਨੂੰ ਹੋਰ ਬਲ ਮਿਲਦਾ ਹੈ, ਜਿਸ ਲਈ ਪ੍ਰਸ਼ਾਸਨ ਵੱਲੋਂ ਹਰ ਸੰਭਵ ਸਹਿਯੋਗ ਜਾਰੀ ਰਹੇਗਾ।












Leave a Reply