ਫਤਹਿਗੜ੍ਹ ਸਾਹਿਬ,
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਰਕਾਰ ਦੇ ‘ਖੇਤ ਬਚਾਉ ਅਭਿਆਨ’ ਤਹਿਤ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਿਯੋਗ ਨਾਲ ਬਲਾਕ ਸਰਹਿੰਦ ਦੇ ਪਿੰਡ ਭਮਾਰਸੀ ਜੇਰ ਵਿੱਚ ਕਿਸਾਨਾਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਇਸ ਕੈਂਪ ਦੌਰਾਨ ਕਿਸਾਨਾਂ ਨੂੰ ਖਾਦਾਂ ਦੀ ਸੰਤੁਲਿਤ ਵਰਤੋਂ, ਮਿੱਟੀ ਦੀ ਸਿਹਤ ਸੰਭਾਲਣ ਅਤੇ ਫਸਲੀ ਵਿਭਿੰਨਤਾ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ।
ਮੁੱਖ ਖੇਤੀਬਾੜੀ ਅਫਸਰ ਡਾ. ਜਗਦੇਵ ਸਿੰਘ ਨੇ ਦੱਸਿਆ ਕਿ ਕੈਂਪ ਦਾ ਮੁੱਖ ਉਦੇਸ਼ ਕਿਸਾਨਾਂ ਵੱਲੋਂ ਰਸਾਇਣਕ ਖਾਦਾਂ ਦੀ ਵੱਧ ਰਹੀ ਖਪਤ ਨੂੰ ਘਟਾਉਣਾ, ਮਿੱਟੀ ਪਰਖ ਦੇ ਆਧਾਰ ’ਤੇ ਖਾਦਾਂ ਦੀ ਵਰਤੋਂ ਨੂੰ ਉਤਸ਼ਾਹਿਤ ਕਰਨਾ, ਫਸਲੀ ਵਿਭਿੰਨਤਾ ਨੂੰ ਪ੍ਰਮੋਟ ਕਰਨਾ ਅਤੇ ਕਿਸਾਨਾਂ ਦੀਆਂ ਆਈ.ਡੀਜ਼ ਬਣਵਾਉਣ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ।
ਕੈਂਪ ਦੌਰਾਨ ਡਾ. ਰੀਤ ਵਰਮਾ, ਸਹਾਇਕ ਪ੍ਰੋਫੈਸਰ (ਕੀਟ ਵਿਗਿਆਨ), ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਸ਼ਾਂ ਅਨੁਸਾਰ ਖਾਦਾਂ ਦੀ ਸੁਚੱਜੀ ਵਰਤੋਂ, ਫਸਲਾਂ ਵਿੱਚ ਕੀੜਿਆਂ ਅਤੇ ਬਿਮਾਰੀਆਂ ਦੇ ਸਰਵਪੱਖੀ ਪ੍ਰਬੰਧ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਇਸੇ ਤਰ੍ਹਾਂ ਡਾ. ਅਜੇ ਕੁਮਾਰ, ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ), ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੇਲੋੜੀ ਰਸਾਇਣਕ ਖਾਦਾਂ ਦੀ ਵਰਤੋਂ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਪ੍ਰਭਾਵਿਤ ਹੁੰਦੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਮਿੱਟੀ ਦੀ ਜਾਂਚ ਦੇ ਆਧਾਰ ’ਤੇ ਹੀ ਖਾਦਾਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਅਤੇ ਝੋਨੇ ਤੇ ਬਾਸਮਤੀ ਵਿੱਚ ਡੀ.ਏ.ਪੀ. ਖਾਦ ਪਾਉਣ ਤੋਂ ਗੁਰੇਜ਼ ਕਰਨ ਅਤੇ ਯੂਰੀਆ ਦੀ ਵੀ ਸੰਯਮਿਤ ਵਰਤੋਂ ਕਰਨ ਦੀ ਅਪੀਲ ਕੀਤੀ।
ਖੇਤੀਬਾੜੀ ਉੱਪ ਨਿਰੀਖਕ ਰਮਨਦੀਪ ਸਿੰਘ ਨੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਦਿੰਦਿਆਂ ਕਿਸਾਨਾਂ ਨੂੰ ਇਨ੍ਹਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਸਕੀਮ ਅਧੀਨ ਭਾਰਤ ਸਰਕਾਰ ਵੱਲੋਂ 20 ਜੂਨ 2026 ਨੂੰ 23ਵੀਂ ਕਿਸ਼ਤ ਜਾਰੀ ਕੀਤੀ ਜਾ ਰਹੀ ਹੈ। ਇਸ ਲਈ ਜਿਨ੍ਹਾਂ ਕਿਸਾਨਾਂ ਨੇ ਹਾਲੇ ਤੱਕ ਈ-ਕੇਵਾਈਸੀ ਅਤੇ ਜ਼ਮੀਨ ਦੀ ਤਸਦੀਕ ਨਹੀਂ ਕਰਵਾਈ, ਉਹ ਆਪਣੇ ਨਜ਼ਦੀਕੀ ਬਲਾਕ ਖੇਤੀਬਾੜੀ ਦਫ਼ਤਰ ਨਾਲ ਸੰਪਰਕ ਕਰਕੇ ਇਹ ਕਾਰਵਾਈ ਜਲਦ ਪੂਰੀ ਕਰਨ।
ਡਾ. ਅਰਵਿੰਦਪ੍ਰੀਤ ਕੌਰ ਨੇ ਬਾਗਬਾਨੀ ਖੇਤਰ ਵਿੱਚ ਨਵੀਆਂ ਤਕਨੀਕਾਂ ਅਤੇ ਸਬਜ਼ੀਆਂ ਦੀ ਕਾਸ਼ਤ ਵਿੱਚ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਜਾਣਕਾਰੀ ਸਾਂਝੀ ਕੀਤੀ।
ਇਸ ਮੌਕੇ ਖੇਤੀਬਾੜੀ ਉੱਪ ਨਿਰੀਖਕ ਮਨਾਗਰ ਸਿੰਘ, ਸਹਾਇਕ ਤਕਨੀਕੀ ਮੈਨੇਜਰ ਹਰਦੀਪ ਸਿੰਘ, ਨਰਿੰਦਰ ਸਿੰਘ, ਗੁਰਿੰਦਰ ਸਿੰਘ ਬੇਲਦਾਰ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।












Leave a Reply