BREAKING PUNJAB

Fastest Punjab & National News in Punjabi and Hindi

ਪਾਇਲ ਹਲਕੇ ਦੇ 10 ਪਿੰਡਾਂ ਵਿੱਚ 1.25 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਮੁਕੰਮਲ। ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਉਦਘਾਟਨ ਕਰਦਿਆਂ ਮਿਸ਼ਨ ਕਲੀਨ ਪੰਜਾਬ ਮੁਹਿੰਮ ਦਾ ਕੀਤਾ ਸਵਾਗਤ।

Mla Manwinder Singh

ਪਾਇਲ ਹਲਕੇ ਦੇ 10 ਪਿੰਡਾਂ ਨੂੰ ਵਿਕਾਸ ਦੀ ਵੱਡੀ ਸੌਗਾਤ ਦਿੰਦਿਆਂ ਆਮ ਆਦਮੀ ਪਾਰਟੀ ਦੇ ਵਿਧਾਇਕ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਰੀਬ 1.25 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੀ ਨੁਹਾਰ ਬਦਲਣ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।


ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਯੋਜਨਾਬੱਧ ਢੰਗ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਰਮਸਰ ਰਾੜਾ ਸਾਹਿਬ, ਘੁਡਾਣੀ ਕਲਾਂ, ਦਾਊਮਾਜਰਾ, ਅਲੂਣਾ ਮਿਆਣਾ, ਦੀਵਾ ਮੰਡੇਰ, ਜਰਗ, ਮਲਕਪੁਰ ਅਤੇ ਭਰਥਲਾ ਰੰਧਾਵਾ ਸਮੇਤ 10 ਪਿੰਡਾਂ ਵਿੱਚ ਗਲੀਆਂ-ਨਾਲੀਆਂ ਦੀ ਉਸਾਰੀ, ਸੜਕਾਂ ਦੀ ਮੁਰੰਮਤ, ਪੀਣ ਵਾਲੇ ਪਾਣੀ ਦੀਆਂ ਸਹੂਲਤਾਂ ਵਿੱਚ ਸੁਧਾਰ ਅਤੇ ਹੋਰ ਜਨਹਿੱਤ ਦੇ ਕੰਮ ਮੁਕੰਮਲ ਕੀਤੇ ਗਏ ਹਨ।


ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਪਿੰਡਾਂ ਦੇ ਵਿਕਾਸ ਨੂੰ ਲੋੜੀਂਦੀ ਤਰਜੀਹ ਨਾ ਦਿੱਤੇ ਜਾਣ ਕਾਰਨ ਕਈ ਪਿੰਡ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਰਹਿ ਗਏ ਸਨ, ਪਰ ਮੌਜੂਦਾ ਸਰਕਾਰ ਨੇ ਪਿੰਡਾਂ ਦੇ ਵਿਕਾਸ ਲਈ ਵੱਡੇ ਪੱਧਰ ’ਤੇ ਫੰਡ ਜਾਰੀ ਕਰਕੇ ਵਿਕਾਸ ਨੂੰ ਰਫ਼ਤਾਰ ਦਿੱਤੀ ਹੈ।
ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਵਿਕਾਸ ਦਾ ਲਾਭ ਹਰ ਘਰ ਤੱਕ ਪਹੁੰਚਾਉਣ ਲਈ ਸਿੱਖਿਆ, ਸਿਹਤ, ਬਿਜਲੀ, ਪਾਣੀ, ਸੜਕਾਂ ਅਤੇ ਸਫਾਈ ਵਰਗੇ ਖੇਤਰਾਂ ਵਿੱਚ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾ ਰਹੀ।


ਇਸ ਦੌਰਾਨ ਵਿਧਾਇਕ ਗਿਆਸਪੁਰਾ ਨੇ ਪੰਜਾਬ ਸਰਕਾਰ ਦੀ “ਮਿਸ਼ਨ ਕਲੀਨ ਪੰਜਾਬ” ਮੁਹਿੰਮ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਲੋਕਾਂ ਦੀ ਸਿਹਤ ਅਤੇ ਸਾਫ਼-ਸੁਥਰੇ ਵਾਤਾਵਰਣ ਲਈ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਸਫਾਈ ਨਾਲ ਨਾ ਸਿਰਫ਼ ਬਿਮਾਰੀਆਂ ਵਿੱਚ ਕਮੀ ਆਵੇਗੀ, ਸਗੋਂ ਲੋਕਾਂ ਦਾ ਜੀਵਨ ਪੱਧਰ ਵੀ ਬਿਹਤਰ ਹੋਵੇਗਾ।


ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿਰਫ਼ ਐਲਾਨਾਂ ਤੱਕ ਸੀਮਤ ਨਹੀਂ, ਸਗੋਂ ਜ਼ਮੀਨੀ ਪੱਧਰ ’ਤੇ ਵਿਕਾਸ ਕਾਰਜ ਕਰਵਾ ਕੇ ਲੋਕਾਂ ਨੂੰ ਨਤੀਜੇ ਵੀ ਦਿਖਾ ਰਹੀ ਹੈ। ਪਿੰਡ ਵਾਸੀਆਂ ਨੇ ਵੀ ਵਿਕਾਸ ਕਾਰਜਾਂ ਲਈ ਸਰਕਾਰ ਅਤੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੰਬੇ ਸਮੇਂ ਤੋਂ ਪੈਂਡਿੰਗ ਪਏ ਕਈ ਕੰਮ ਹੁਣ ਪੂਰੇ ਹੋ ਰਹੇ ਹਨ।
ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਸਰਪੰਚ, ਪੰਚ, ਸਮਾਜ ਸੇਵੀ ਅਤੇ ਹੋਰ ਪਤਵੰਤੇ ਵਿਅਕਤੀ ਹਾਜ਼ਰ ਸਨ।

Leave a Reply

Your email address will not be published. Required fields are marked *